ਕਾਂਗੋ ਦੀ ਜੇਲ੍ਹ ‘ਚੋਂ ਫਰਾਰ ਹੋ ਰਹੇ 129 ਕੈਦੀਆਂ ਦੀ ਮੌਤ
ਕਿਨਸ਼ਾਸਾ, 3 ਸਤੰਬਰ,ਬੋਲੇ ਪੰਜਾਬ ਬਿਊਰੋ :
ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਦੀ ਇਕ ਮੁੱਖ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 129 ਕੈਦੀਆਂ ਦੀ ਮੌਤ ਹੋ ਗਈ। ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਮੌਤ ਭਗਦੜ ਵਿਚ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਕਾਂਗੋ ਦੇ ਗ੍ਰਹਿ ਮੰਤਰੀ ਜੈਕਮਿਨ ਸ਼ਬਾਨੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਕਿਨਸ਼ਾਸਾ ’ਚ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨੇ ਭੀੜ-ਭੜੱਕੇ ਵਾਲੀ ਮਕਾਲਾ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਕੈਦੀਆਂ ਨੂੰ ਚੇਤਾਵਨੀ ਦੇਣ ਲਈ ਗੋਲੀਬਾਰੀ ਕੀਤੀ, ਜਿਸ ’ਚ 24 ਕੈਦੀ ਮਾਰੇ ਗਏ।
ਉਨ੍ਹਾਂ ਕਿਹਾ ਹੈ ਕਿ ਘਟਨਾ ’ਚ 59 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਸਰਕਾਰ ਕਰਵਾ ਰਹੀ ਹੈ। ਇਸ ਦੇ ਨਾਲ ਹੀ ਔਰਤਾਂ ਨਾਲ ਜਬਰ ਜਨਾਹ ਦੇ ਕੁੱਝ ਮਾਮਲੇ ਵੀ ਸਾਹਮਣੇ ਆਏ ਹਨ।’’ ਉਨ੍ਹਾਂ ਕਿਹਾ ਕਿ ਜੇਲ੍ਹ ’ਚ ਕਾਨੂੰਨ ਵਿਵਸਥਾ ਲਾਗੂ ਕਰ ਦਿਤੀ ਗਈ ਹੈ। ਇਸ ਘਟਨਾ ’ਚ ਜੇਲ੍ਹ ਦੇ ਇਕ ਹਿੱਸੇ ਨੂੰ ਅੱਗ ਲਾ ਦਿਤੀ ਗਈ ਸੀ।