ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਚੰਡੀਗੜ੍ਹ ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ :

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਪੰਜਵੇਂ ਪਾਤਸ਼ਾਹ ਜੀ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

Leave a Reply

Your email address will not be published. Required fields are marked *