ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚੰਡੀਗੜ੍ਹ ਪੰਜਾਬ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ


ਐੱਸ ਏ ਐੱਸ ਨਗਰ 4 ਸਤੰਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ।  ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ। ਭਾਈ ਮਨਦੀਪ ਸਿੰਘ ਜੀ ਪਿਹੋਵਾ ਵਾਲਿਆਂ ਦੇ ਰਾਗੀ ਜੱਥੇ ਆਪਣੇ ਰਸਭਿੰਨੇ ਕੀਤਰਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਬਲਜੋਤ ਸਿੰਘਭਾਈ ਗੁਰਚਰਨ ਸਿੰਘ ਜੀ ਦਮਦਮੀ ਟਕਸਾਲ, ਬੀਬੀ ਜਤਿੰਦਰ ਕੌਰ ਜੀ, ਭਾਈ ਮਹਿੰਦਰ ਸਿੰਘ ਜੀ ਜਵੱਦੀ ਟਕਸਾਲ , ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।  ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।  ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।

Leave a Reply

Your email address will not be published. Required fields are marked *