ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ

ਚੰਡੀਗੜ੍ਹ ਪੰਜਾਬ

ਆਪ ਤੇ ਕਾਂਗਰਸ ਦੇ ਸਮਰਥਕ ਆਪਸ ‘ਚ ਭਿੜੇ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ

ਅੰਮ੍ਰਿਤਸਰ, 7 ਸਤੰਬਰ ,ਬੋਲੇ ਪੰਜਾਬ ਬਿਊਰੋ:

ਅੰਮ੍ਰਿਤਸਰ ਦੇ ਪਿੰਡ ਬਲਗਾਨ ਵਿੱਚ ਦੋ ਧਿਰਾਂ ਆਪਸ ਵਿੱਚ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵਾਂ ਵਿਚਾਲੇ ਇੱਟ-ਪੱਥਰ ਚੱਲੇ। ਲੜਾਈ ਵਿੱਚ ਦੋਵਾਂ ਧਿਰਾਂ ਦੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇ ਕਿਸੇ ਨੇ ਕਾਨੂੰਨ ਨੂੰ ਆਪਣੇ ਹੱਥ ‘ਚ ਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਾਂਗਰਸ ਪਾਰਟੀ ਨਾਲ ਸਬੰਧਤ ਪਿੰਡ ਬਲਗਾਨ ਦੇ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਨਾਲ ਸਬੰਧਤ ਸੁਖਵਿੰਦਰ ਸਿੰਘ ਸੋਨੀ ਨੇ 50 ਤੋਂ ਵੱਧ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਅਤੇ ਦੁਕਾਨ ’ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਉਨ੍ਹਾਂ ਦੇ ਘਰ ਅਤੇ ਗੱਡੀ ਦੇ ਸ਼ੀਸ਼ੇ ਟੁੱਟ ਗਏ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੁਖਵਿੰਦਰ ਸਿੰਘ ਨੇ ਸਰਪੰਚ ਹਰਜੀਤ ਸਿੰਘ ਅਤੇ ਉਸ ਦੇ ਸਮਰਥਕਾਂ ‘ਤੇ ਘਰ ‘ਤੇ ਹਮਲਾ ਕਰਨ ਤੇ ਭੰਨਤੋੜ ਕਰਨ ਦੇ ਦੋਸ਼ ਲਗਾਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਜਾਸਾਂਸੀ ਦੇ ਐਸਐਚਓ ਹਰਚੰਦ ਸਿੰਘ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਪਿੰਡ ਵਿੱਚ ਹੀ ਮੇਲਾ ਲੱਗਿਆ ਹੋਇਆ ਸੀ ਜਿਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ ਸੀ ਅਤੇ ਅੱਜ ਫਿਰ ਲੜਾਈ ਹੋ ਗਈ ਤੇ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ, ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *