ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ‘ਚ ਰੋਸ ਮਾਰਚ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪਿੱਟ ਸਿਆਪਾ 

ਸੰਗਰੂਰ, 08 ਸਤੰਬਰ, ਬੋਲੇ ਪੰਜਾਬ ਬਿਊਰੋ :

ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਸੂਬਾ ਪੱਧਰੀ ਸੰਘਰਸ਼ ਸ਼ਿਖਰਾਂ ਵੱਲ ਵੱਧਦਾ ਜਾ ਰਿਹਾ ਹੈ। ਅੱਜ ਸੰਘਰਸ਼ ਦੇ 8ਵੇਂ ਦਿਨ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਹੋਰਨਾਂ ਸੰਘਰਸ਼ਸ਼ੀਲ ਭਰਾਤਰੀ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਪਹੁੰਚਦੇ ਹੋਏ ਕੰਪਿਊਟਰ ਅਧਿਆਪਕਾਂ ਦੀ ਸੰਘਰਸ਼ ਦੀ ਹਿਮਾਇਤ ਕੀਤੀ ਗਈ। ਇਸ ਮੌਕੇ ਤੇ ਇਕੱਤਰ ਹੋਏ ਕੰਪਿਊਟਰ ਅਧਿਆਪਕਾਂ ਤੇ ਹੋਰਨਾਂ ਸਾਥੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ਬਰਦਸਤ ਨਾਰੇਬਾਜੀ ਕੀਤੀ ਗਈ ਅਤੇ ਰੋਸ ਮਾਰਚ ਕੱਢਦੇ ਹੋਏ ਸਥਾਨਕ ਟਰੈਫਿਕ ਚੌਂਕ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। 

ਇਸ ਮੌਕੇ ਕੰਪਿਊਟਰ ਆਧਿਆਪਕ ਆਗੂ ਪਰਮਵੀਰ ਸਿੰਘ, ਜੋਨੀ ਸਿੰਗਲਾ, ਗੁਰਬਖਸ਼ ਲਾਲ, ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਹਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ ਗਿਆ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ਼ ਨਾਲ ਆਮ ਆਦਮੀ ਪਾਰਟੀ ਦੀ ਸਾਰੀ ਆਗੂਆਂ ਵੱਲੋਂ ਉਹਨਾਂ ਦੀ ਸਰਕਾਰ ਬਣਨ ਤੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾ ਦੇਰੀ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਹੁਣ ਹਾਲਾਤ ਇਹ ਹੈ ਕਿ ਮੁੱਖ ਮੰਤਰੀ ਵੱਲੋਂ 30 ਤੋਂ ਵੱਧ ਵਾਰ ਉਹਨਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤਾਂ ਅਤੇ ਇੱਕ ਵਾਰ ਵੀ ਉਹਨਾਂ ਨਾਲ ਮੀਟਿੰਗ ਨਹੀਂ ਕੀਤੀ ਗਈ। ਵਿੱਤ ਮੰਤਰੀ ਹਰਪਾਲ ਚੀਮਾ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੇ ਹਨ। ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਉਹਨਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। 15 ਸਤੰਬਰ 2022 ਨੂੰ ਉਹਨਾਂ ਵੱਲੋਂ ਦਿਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਹ ਐਲਾਨ ਫੂਕ ਪਟਾਕਾ ਹੀ ਨਿਕਲਿਆ।

ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੀ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਨਾ ਕੀਤਾ ਗਿਆ ਤਾਂ ਉਹ ਇਹ ਚੱਲ ਰਹੀ ਭੁੱਖ ਹੜਤਾਲ ਨੂੰ ਜਲਦ ਹੀ ਮਰਨ ਵਰਤ ਵਿੱਚ ਤਬਦੀਲ ਕਰ ਦੇਣਗੇ ਅਤੇ ਇਸ ਪੂਰੇ ਸੰਘਰਸ਼ ਨੂੰ ਰਾਜ ਵਿਆਪੀ ਬਣਾ ਦਿੱਤਾ ਜਾਵੇਗਾ ਜਿਸਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਇਸ ਮੌਕੇ ਇਕੱਤਰ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਹੋਰਨਾਂ ਨੂੰ ਸੰਬੋਧਿਤ ਕਰਦੇ ਹੋਏ ਡੀ ਟੀ ਐੱਫ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਅਤੇ ਜਿਲ੍ਹਾ ਆਗੂ ਦਾਤਾ ਸਿੰਘ ਨਮੋਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਨਵੀਨਰ (ਯੂਥ ਵਿੰਗ) ਭੁਪਿੰਦਰ ਸਿੰਘ ਲੌਂਗੋਵਾਲ, ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, 750 ਲਾਇਬ੍ਰੇਰੀਅਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ, ਹੈਡ ਮਾਸਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਨੇ ਸੰਬੋਧਿਤ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦੇ ਹੋਏ ਸਰਕਾਰ ਤੋਂ ਇਹਨਾਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ ਅਤੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਹਰ ਤਰ੍ਹਾਂ ਨਾਲ ਉਹਨਾਂ ਦਾ ਸਾਥ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਕਿਰਤੀ ਕਿਸਾਨ ਯੂਨੀਅਨ ਪੰਜਾਬ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ (ਦਿਗਵਿਜੇ ਪਾਲ ਸ਼ਰਮਾ), ਹੈਡ ਮਾਸਟਰ ਐਸੋਸੀਏਸ਼ਨ ਪੰਜਾਬ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ (ਸੰਬੰਧਿਤ DMF) ਅਤੇ 750 ਲਾਇਬ੍ਰੇਰੀਅਨ ਐਸੋਸੀਏਸ਼ਨ ਪੰਜਾਬ ਦੇ ਆਗੂ ਮੌਜੂਦ ਰਹੇ। ਇਸ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੂਬੇ ਭਰ ਤੋਂ ਆਏ ਹੋਏ ਕੰਪਿਊਟਰ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਵਿੱਚ ਖੂਨ ਦਾਨ ਕਰਦੇ ਹੋਏ ਆਪਣੇ ਸਮਾਜਿਕ ਫਰਜ਼ ਨਿਭਾਉਣ ਦੀ ਮਿਸਾਲ ਵੀ ਪੇਸ਼ ਕੀਤੀ ਗਈ।

Leave a Reply

Your email address will not be published. Required fields are marked *