ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਬਲਵਿੰਦਰ ਸਿੰਘ ਭੂੰਦੜ ਖਿਲਾਫ ਕਾਰਵਾਈ ਮੰਗੀ
ਅੰਮ੍ਰਿਤਸਰ, 10 ਸਤੰਬਰ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਲਿਖਤੀ ਪੱਤਰ ਸਕੱਤਰੇਤ ਵਿਖੇ ਦੇ ਕੇ ਬਲਵਿੰਦਰ ਸਿੰਘ ਭੂੰਦੜ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਮਨਜੀਤ ਸਿੰਘ ਤੇ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਵਿਧਾਇਕ ਮਾਨਸਾ ਸੁਖਵਿੰਦਰ ਸਿੰਘ ਔਲਖ ਆਦਿ ਨੇ ਕਿਹਾ ਕਿ ਜਥੇਦਾਰ ਨੂੰ ਲਿਖਤੀ ਪੱਤਰ ਵਿਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੀ 2014 ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੇ ਖਿਲਾਫ ਜਾ ਕੇ ਆਪਣੇ ਘਰ ਵਿਚ ਸੁਖਬੀਰ ਸਿੰਘ ਬਾਦਲ ਤੇ ਡੇਰੇ ਤੋਂ ਆਏ ਤਿੰਨ ਸਿਆਸੀ ਵਿੰਗ ਦੇ ਆਗੂਆਂ ਜਿਨਾਂ ‘ਚ ਰਾਮ ਸਿੰਘ ਤੇ ਹਰਸ਼ ਧੂਰੀ ਤੇ ਇੱਕ ਹੋਰ ਵਿਅਕਤੀ ਨਾਲ ਲੰਮੀਂ ਬੰਦ ਕਮਰਾ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੇ ਪਹਿਲਾਂ ਵੀ ਬਹੁਤ ਸਾਰੇ ਚਰਚੇ ਹੋ ਚੁੱਕੇ ਹਨ, ਪਰ ਕਿਸੇ ਨੇ ਵੀ ਖਾਸ ਧਿਆਨ ਨਹੀਂ ਦਿੱਤਾ। ਪਰ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਲੱਗਣ ‘ਤੇ ਸਾਡੇ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ ਕਿ ਜਿਸ ਵਿਅਕਤੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੇ ਖਿਲਾਫ ਜਾ ਕੇ ਘਰ ਵਿਚ ਮੀਟਿੰਗਾਂ ਕਰਵਾਈਆਂ ਹੋਣ ਉਹ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਕਿਵੇਂ ਬਣ ਸਕਦਾ ਹੈ।ਉਨ੍ਹਾਂ ਮੰਗ ਕੀਤੀ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਸਖਤ ਤੋਂ ਸਖਤ ਸਜ਼ਾ ਸੁਣਾਈ ਜਾਵੇ।