ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ
ਐਸ ਏ ਐਸ ਨਗਰ 13 ਸਤੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਪ੍ਰੋਫੇਸਰ ਹਰਪ੍ਰੀਤ ਸਿੰਘ ਜੀ ਤੰਤੀ ਸਾਜਾਂ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਦੇਵ ਸਿੰਘ ਜੀ ਸੁਲਤਾਨਪੁਰ ਲੋਧੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਧਰਮਿੰਦਰ ਸਿੰਘ ਪਟਿਆਲੇ ਵਾਲੇ, ਭਾਈ ਹਰਪ੍ਰੀਤ ਸਿੰਘ ਜੀ ਮਲੇਰਕੋਟਲਾ ਵਾਲੇ, ਭਾਈ ਪ੍ਰਿਤਪਾਲ ਸਿੰਘ ਜੀ ਬਰਗਾੜੀ ਵਾਲਿਆਂ ਦਾ ਇੰਨਟਰਨੈਸ਼ਨਲ ਕਵੀਸ਼ਰੀ ਜੱਥਾ, ਭਾਈ ਜਤਿੰਦਰ ਸਿੰਘ ਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਕਰਨਵੀਰ ਸਿੰਘ ਜੀ ਪਟਿਆਲੇ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ । ਇਸ ਮੋਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 16 ਸਤੰਬਰ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ 450 ਸਾਲਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ ਜੀ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਉੱਚ ਕੋਟੀ ਦੇ ਰਾਗੀ ਢਾਡੀ ਕਵੀਸ਼ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਨਾ ਕੇ ਨਿਹਾਲ ਕਰਣਗੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।