ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜਿਆ ਨੋਟਿਸ

ਚੰਡੀਗੜ੍ਹ ਪੰਜਾਬ

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 16 ਸਤੰਬਰ ,ਬੋਲ਼ੇ ਪੰਜਾਬ ਬਿਊਰੋ :

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (N.S.A) ਨੂੰ ਵੀ ਚੁਣੌਤੀ ਦਿੱਤੀ ਹੈ।

ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗ਼ਲਤ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਗਲੀ ਸੁਣਵਾਈ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਦਲਜੀਤ ਸਿੰਘ ਕਲਸੀ ਸਮੇਤ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਸੀ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਜਾਬ ਰਾਜ ਨਿਗਮ ਵਿੱਚ ਕਲਰਕ ਵਜੋਂ ਤਾਇਨਾਤ ਸੀ। ਉਹ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਹੈ। ਜਦੋਂ 23 ਫਰਵਰੀ 2023 ਨੂੰ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਹਦੂਦ ਅੰਦਰ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਮਾਰਚ ਮਹੀਨੇ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਰਨਾਲਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ‘ਚ ਕੁਲਵੰਤ ਸਿੰਘ ਰਾਊਕੇ ਚੋਣ ਮੈਦਾਨ ‘ਚ ਉਤਰਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਮਹਾਂ ਸਿੰਘ ਨੇ ਤਿੰਨ ਮਹੀਨੇ ਪਹਿਲਾਂ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਸੀ ਕਿ ‘ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸਦਾ ਪੂਰਾ ਸਾਥ ਦੇਵਾਂਗੇ ਕਿਉਂਕਿ ਆਮ ਆਦਮੀ ਪਾਰਟੀ (AAP) ਦੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।

ਜਿਕਰ ਕਰ ਦਈਏ ਕਿ ਰਾਊਕੇ ਦੇ ਪਿਤਾ ਨੂੰ ਵੀ ਪੰਜਾਬ ਵਿੱਚ ਬਗ਼ਾਵਤ ਦੇ ਦੌਰ ਵਿਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਹ ਨਹੀਂ ਪਤਾ ਕਿ ਉਸ ਨੂੰ ਝੂਠੇ ਮੁਕਾਬਲੇ ਵਿਚ ਮਾਰਿਆ ਗਿਆ ਸੀ ਜਾਂ ਉਹ ਅਜੇ ਜ਼ਿੰਦਾ ਹੈ। ਸਾਡੇ ਕੋਲ ਉਸਦੀ ਮੌਤ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਅਤੇ ਕਦੇ ਵਾਪਸ ਨਹੀਂ ਆਈ। ਉਸ ਦੇ ਪਿਤਾ ਨੂੰ ਵੀ 1987 ਵਿੱਚ ਐਨਐਸਏ ਤਹਿਤ ਜੇਲ੍ਹ ਭੇਜਿਆ ਗਿਆ ਸੀ।

Leave a Reply

Your email address will not be published. Required fields are marked *