ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ “ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024” ਨੂੰ ਮਨਜ਼ੂਰੀ
ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਵੀ ਰਾਜ ਭਵਨ ਅਤੇ ਸੂਬਾ ਸਰਕਾਰ ਦਰਮਿਆਨ ਚੰਗੇ ਸਬੰਧਾਂ ਦਾ ਸੰਕੇਤ ਹੈ।
ਪੰਜਾਬ ਵਿਧਾਨ ਸਭਾ ਦੇ ਪਿਛਲੇ ਮਾਨਸੂਨ ਸੈਸ਼ਨ ਵਿੱਚ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਪਾਸ ਕੀਤਾ ਗਿਆ ਸੀ, ਜਿਸ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਦਨ ਨੇ ‘ਪੰਜਾਬ ਪੰਚਾਇਤੀ ਨਿਯਮ, 1994’ ਵਿੱਚ ਵੀ ਸੋਧ ਕੀਤੀ ਸੀ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਸੋਧ ਬਿੱਲ ਨੂੰ ਮਨਜ਼ੂਰੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਸਰਕਾਰ ਪੰਚਾਇਤੀ ਚੋਣਾਂ ਅਕਤੂਬਰ ਦੇ ਅੱਧ ਵਿੱਚ ਕਰਵਾਉਣ ਦੇ ਮੂਡ ਵਿੱਚ ਹੈ।