ਪੰਜਾਬ ਦੇ ਇੱਕ ਆਪ ਆਗੂ ਵਲੋਂ ਗੈਂਗਸਟਰਾਂ ਤੋਂ ਪ੍ਰੇਸ਼ਾਨ ਹੋ ਕੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਧਮਕੀ
ਅੰਮ੍ਰਿਤਸਰ, 21 ਸਤੰਬਰ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਹਲਕਾ ਅਟਾਰੀ ਵਿਖੇ ਕੋਕਾ ਕੋਲਾ ਏਜੰਸੀ ਚਲਾਉਣ ਵਾਲੇ ‘ਆਪ’ ਆਗੂ ਜਸਵਿੰਦਰ ਸਿੰਘ ਜਸ ਨੇ ਗੈਂਗਸਟਰਾਂ ਤੋਂ ਪ੍ਰੇਸ਼ਾਨ ਹੋ ਕੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਦਰਅਸਲ ਉਕਤ ਆਗੂ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੈ ਅਤੇ ਕਈ ਵਾਰ ਥਾਣੇ ਜਾ ਚੁੱਕਾ ਹੈ ਪਰ ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ।ਅਖੀਰ ਪਰੇਸ਼ਾਨ ਹੋ ਕੇ ਉਸ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਨੇ ਉਕਤ ਆਗੂ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਫਿਰੌਤੀ ਨਾ ਦੇਣ ‘ਤੇ ਜਾਨੀ ਨੁਕਸਾਨ ਹੋਣ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਪਰੇਸ਼ਾਨ ਹੋ ਕੇ ਉਕਤ ਆਗੂ ਨੇ ਪਰਿਵਾਰ ਸਮੇਤ ਆਤਮਦਾਹ ਕਰਨ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਗੈਂਗਸਟਰ ਦੇ ਹੱਥੋਂ ਮਰਨ ਨਾਲੋਂ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਿਹਤਰ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਹਨ ਪਰ ਪੁਲੀਸ ਨੇ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ।