ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 450 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ
ਐੱਸ. ਏ.ਐੱਸ. ਨਗਰ (ਮੋਹਾਲੀ) ,ਬੋਲੇ ਪੰਜਾਬ ਬਿਊਰੋ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ 450 ਸਾਲਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦਿਆਲ ਸਿੰਘ ਦੇ ਇਟਰਨੈਸ਼ਲਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬ੍ਰਿਤਾਂਤ ਅਤੇ 1574 ਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਜਾਣੂੰ ਕਰਵਾਇਆ।
ਬੀਬੀ ਉੱਤਮਜੀਤ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਦੇ 17 ਰਾਗਾਂ ਵਿੱਚ 885 ਸ਼ਬਦਾਂ ਬਾਰੇ ਸੰਗਤਾਂ ਨੂੰ ਵਿਸਥਾਰ ਪੁਰਵਕ ਜਾਣੂ ਕਰਵਾਇਆ। ਉਨਾ ਨੇ ਇਹ ਵੀ ਦਸਿੱਆ ਕਿ ਗੁਰੂ ਸਾਹਿਬ ਨੇ ਸਿੱਖੀ ਪ੍ਰਚਾਰ ਦਾ ਧੁਰਾ ਸ੍ਰੀ ਗੁਇੰਦਵਾਲ ਸਾਹਿਬ ਵਸਾਇਆ ਅਤੇ ਸਮਾਜ ਦੀ ਬੱਜਰ ਕੁਰੀਤਿ ਸੱਤੀ ਪ੍ਰਥਾ ਨੂੰ ਬੰਦ ਕਰਵਾਇਆ। ਇਸ ਤੋਂ ਇਲਾਵਾ ਹਰਜਸ ਕੀਰਤਨੀ ਜੱਥਾ, ਭਾਈ ਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਸਾਹਿਬ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।