ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ ਪੰਜਾਬ

ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਦਰਖਾਸਤਾ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ, ਦੇ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *