ਸੁਨੀਲ ਕੁਮਾਰ ਜਾਖੜ ਨੇ ਭਾਜਪਾ ਦੀ ਸੂਬਾ ਪ੍ਰਧਾਨਗੀ ਛੱਡੀ
ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਸੂਬੇ ਵਿੱਚ ਪਾਰਟੀ ਦੀ ਅਗਵਾਈ ਕੀਤੇ ਇੱਕ ਸਾਲ ਵੀ ਨਹੀਂ ਹੋਇਆ ਹੈ। ਇਸ ਤਰ੍ਹਾਂ ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾਹੀਣ ਹੋ ਗਈ ਹੈ।ਸੁਨੀਲ ਜਾਖੜ ਦੇ ਕਰੀਬੀ ਸੂਤਰਾਂ ਨੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇ ਵੀਰਵਾਰ ਨੂੰ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿੱਚ ਜਾਖੜ ਸ਼ਾਮਲ ਨਹੀਂ ਹੋਏ। ਸੂਤਰਾਂ ਨੇ ਦੱਸਿਆ ਕਿ ਜਦੋਂ ਸੂਬਾ ਇਕਾਈ ਦੇ ਸੀਨੀਅਰ ਨੇਤਾ ਨੇ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਅੱਜ ਅਤੇ ਭਵਿੱਖ ਵਿਚ ਵੀ ਉਹ ਸੂਬਾ ਭਾਜਪਾ ਪ੍ਰਧਾਨ ਵਜੋਂ ਕਿਸੇ ਵੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ।
ਜਾਖੜ ਨੇ ਆਪਣੇ ਅਸਤੀਫੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸੂਤਰਾਂ ਨੇ ਦੱਸਿਆ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ।