ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 5 ਕਿਸਾਨਾਂ ‘ਤੇ ਕੀਤਾ ਕੇਸ ਦਰਜ, 28 ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ
ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ :
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਪੀਪੀਸੀਬੀ ਦੇ ਚੇਅਰਮੈਨ ਡਾ: ਆਦਰਸ਼ਪਾਲ ਵਿੱਗ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਗਾਏ ਗਏ ਜੁਰਮਾਨੇ ਵਿੱਚੋਂ 75 ਹਜ਼ਾਰ ਰੁਪਏ ਦੀ ਵਸੂਲੀ ਵੀ ਕਰ ਲਈ ਗਈ ਹੈ। ਬਾਕੀ ਵੀ ਜਲਦੀ ਹੀ ਬਰਾਮਦ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿੱਚ ਵੀ ਕਾਨੂੰਨ ਅਨੁਸਾਰ ਅਜਿਹੀ ਕਾਰਵਾਈ ਕੀਤੀ ਜਾਵੇਗੀ।