MP ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ ; ਪਿਤਾ ਦਾ ਐਲਾਨ
ਚੰਡੀਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਬਣਾਈ ਜਾਵੇਗੀ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਜਾ ਰਿਹਾ ਹੈ। ਅੱਜ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਗਠਨ ਦੇ ਚਾਰ ਸਾਲ ਪੂਰੇ ਹੋਣ ’ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਹੋਰ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣ ਦੀ ਗੱਲ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਜਿਸਨੂੰ 92 ਦੇ ਕਰੀਬ ਵਿਧਾਇਕ ਪੰਜਾਬ ਦੇ ਲੋਕਾਂ ਨੇ ਦਿੱਤੇ ਸਨ। ਉਹਨਾਂ ਵਿੱਚੋਂ ਕਿਸੇ ਵੱਲੋਂ ਵੀ ਪੰਜਾਬ ਦੇ ਹਿੱਤ ਦੀ ਗੱਲ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਨੂੰ ਇੱਕ ਖੇਤਰੀ ਪਾਰਟੀ ਦੀ ਜ਼ਰੂਰਤ ਹੈ। ਉਹਨਾਂ ਨੇ ਕਿਹਾ ਕਿ ਹਾਲੇ ਤੱਕ ਪਾਰਟੀ ਦਾ ਨਾਮ ਨਹੀਂ ਵਿਚਾਰਿਆ ਗਿਆ ਪਰ ਜਲਦ ਹੀ ਪਾਰਟੀ ਦਾ ਨਾਂ ਅਸੀਂ ਜੱਗ ਜਾਹਰ ਕਰਾਂਗੇ।