ਕਾਂਗਰਸੀ ਆਗੂ ਪੰਚਾਇਤੀ ਚੋਣਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਨੀਲ ਗਰਗ
ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੰਚਾਇਤੀ ਚੋਣਾਂ ਅਤੇ ਗੈਂਗਸਟਰਾਂ ਨੂੰ ਲੈ ਕੇ ਲਾਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ ਅਤੇ ਕਾਂਗਰਸੀ ਆਗੂਆਂ ‘ਤੇ ਸਮਾਜਿਕ ਮਾਹੌਲ ਖਰਾਬ ਕਰਨ ਦੇ ਦੋਸ਼ ਲਾਇਆ ਹੈ।
‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸੀ ਆਗੂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਤੁਹਾਡੀ ਸਰਕਾਰ ਨੇ ਕਰੋੜਾਂ ਰੁਪਏ ਖਰਚ ਕਰਕੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿੱਚ ਕਈ ਸਾਲਾਂ ਤੱਕ ਮਹਿਮਾਨ ਵਜੋਂ ਰੱਖਿਆ ਸੀ, ਉਸ ਸਮੇਂ ਜੇਲ੍ਹ ਮੰਤਰੀ ਰੰਧਾਵਾ ਹੀ ਸਨ। ਉਹ ਗ੍ਰਹਿ ਮੰਤਰੀ ਵੀ ਸਨ। ਹੁਣ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਉਹ ਸਾਡੇ ‘ਤੇ ਗੈਂਗਸਟਰ ਦੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੈਦਾ ਹੋਏ ਗੈਂਗਸਟਰ ਅੱਜ ਵੀ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਸ ਲਈ ਕਾਂਗਰਸੀ ਆਗੂਆਂ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣਾ ਟ੍ਰੈਕ ਰਿਕਾਰਡ ਦੇਖਣਾ ਚਾਹੀਦਾ ਹੈ।
ਗਰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਅਸਲ ਟੈਂਸ਼ਨ ਇਹ ਹੈ ਕਿ ਉਨ੍ਹਾਂ ਨੂੰ ਸਰਪੰਚ ਦੇ ਉਮੀਦਵਾਰ ਨਹੀਂ ਮਿਲ ਰਹੇ। ਇਸ ਲਈ ਉਹ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਧਮਕਾ ਰਹੇ ਹਨ। ਉਨ੍ਹਾਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।