ਆਂਗਣਵਾੜੀ ਵਰਕਰਾਂ ਨੇ ਰਵਨੀਤ ਬਿੱਟੂ ਦੇ ਘਰ ਦਾ ਕੀਤਾ ਘੇਰਾਓ

ਚੰਡੀਗੜ੍ਹ ਪੰਜਾਬ

ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਲੁਧਿਆਣਾ 2 ਅਕਤੂਬਰ ,ਬੋਲੇ ਪੰਜਾਬ ਬਿਊਰੋ : 

ਲੁਧਿਆਣਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਘਰ ਦਾ ਆਂਗਣਵਾੜੀ ਮਹਿਲਾ ਵਰਕਰਾਂ ਨੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਆਂਗਣਵਾੜੀ ਮਹਿਲਾਵਾਂ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਵਨੀਤ ਬਿੱਟੂ ਦੇ ਘਰ ਪਹੁੰਚੀਆਂ ਅਤੇ ਜਦੋਂ ਉਨ੍ਹਾਂ ਬਿੱਟੂ ਨੂੰ ਮੰਗ ਪੱਤਰ ਸੌਂਪਣ ਲਈ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ, ਜਿਸ ਤੋਂ ਬਾਅਦ ਵਰਕਰਾਂ  ਨੇ ਘਰ ਦੇ ਬਾਹਰ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।ਧਰਨੇ ਵਿੱਚ ਪਹੁੰਚੀ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਸਕੀਮ 2 ਅਕਤੂਬਰ 1975 ਨੂੰ ਲਾਗੂ ਹੋਈ ਸੀ, ਜਿਸ ਨੂੰ ਅੱਜ 49 ਸਾਲ ਪੂਰੇ ਹੋ ਚੁੱਕੇ ਹਨ ਪਰ ਅਜੇ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤਿੰਨ ਵਾਰ ਪ੍ਰਧਾਨ ਮੰਤਰੀ ਬਣ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਵਾਰ-ਵਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਸਿਰਫ਼ 4500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ, ਜਦੋਂ ਕਿ ਆਂਗਣਵਾੜੀ ਹੈਲਪਰਾਂ ਨੂੰ 2250 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ। ਲੁਧਿਆਣਾ ਦੀ ਪ੍ਰਧਾਨ ਗੁਰਅੰਮ੍ਰਿਤ ਕੌਰ ਨੇ ਕਿਹਾ ਕਿ ਅੱਜ ਆਂਗਣਵਾੜੀ ਮਹਿਲਾ ਵਰਕਰਾਂ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਮਹਿਲਾਵਾਂ ਨਾਲ ਧੱਕਾ ਹੁੰਦਾ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਵਨੀਤ ਬਿੱਟੂ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਸਮੱਸਿਆ ਦਾ ਹੱਲ ਕਰਨ|

Leave a Reply

Your email address will not be published. Required fields are marked *