ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸਸੀਓ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ
ਨਵੀਂ ਦਿੱਲੀ, 5 ਅਕਤੂਬਰ
,ਬੋਲੇ ਪੰਜਾਬ ਬਿਊਰੋ :
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦਿੱਤੀ। ਜੈਸਵਾਲ ਨੇ ਕਿਹਾ ਕਿ ਵਿਦੇਸ਼ ਮੰਤਰੀ ਜੈਸ਼ੰਕਰ ਪਾਕਿਸਤਾਨ ’ਚ ਹੋਣ ਵਾਲੇ ਐੱਸਸੀਓ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ। ਇਹ ਸਿਖ਼ਰ ਸੰਮੇਲਨ 15-16 ਅਕਤੂਬਰ ਨੂੰ ਇਸਲਾਮਾਬਾਦ ’ਚ ਹੋਵੇਗਾ। ਜ਼ਿਕਰਯੋਗ ਹੈ ਕਿ ਅਗਸਤ ’ਚ ਪਾਕਿਸਤਾਨ ਨੇ ਸਰਕਾਰਾਂ ਦੇ ਮੁਖੀਆਂ ਦੀ ਐੱਸਸੀਓ ਕੌਂਸਲ ਦੇ ਸੰਮੇਲਨ ’ਚ ਸ਼ਮੂਲੀਅਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਚੇਚੇ ਤੌਰ ’ਤੇ ਸੱਦਾ ਭੇਜਿਆ ਸੀ। ਇਸ ਤੋਂ ਪਹਿਲਾਂ ਦਸੰਬਰ 2015 ’ਚ ਤਤਕਾਲੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਕਿਸਤਾਨ ਦੇ ਦੌਰੇ ’ਤੇ ਗਏ ਸਨ, ਜਿਥੇ ਉਨ੍ਹਾਂ ਅਫ਼ਗਾਨਿਸਤਾਨ ਬਾਰੇ ਕਾਨਫਰੰਸ ’ਚ ਹਿੱਸਾ ਲਿਆ ਸੀ। ਜੈਸ਼ੰਕਰ ਦਾ ਪਾਕਿਸਤਾਨ ਦੌਰਾ ਅਹਿਮੀਅਤ ਰੱਖਦਾ ਹੈ ਕਿਉਂਕਿ ਭਾਰਤ ਨੇ ਐੱਸਸੀਓ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ ਜੋ ਖ਼ਿੱਤੇ ’ਚ ਸੁਰੱਖਿਆ ਸਹਿਯੋਗ ’ਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਮਈ 2023 ’ਚ ਗੋਆ ’ਚ ਹੋਈ ਐੱਸਸੀਓ ਮੀਟਿੰਗ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸ਼ਮੂਲੀਅਤ ਕੀਤੀ ਸੀ।