ਪੰਜਾਬ ਪੁਲਿਸ ਦੇ ਦੋ ਏਐਸਆਈਜ ਦੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਦਹਿਸ਼ਤ
ਜਲੰਧਰ, 8 ਅਕਤੂਬਰ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਆਦਮਪੁਰ ਰੇਲਵੇ ਸਟੇਸ਼ਨ ‘ਤੇ ਸੋਮਵਾਰ ਰਾਤ ਪੰਜਾਬ ਪੁਲਿਸ ਦੇ ਦੋ ਏਐਸਆਈਜ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਜੀਵਨ ਲਾਲ ਅਤੇ ਪ੍ਰੀਤਮ ਦਾਸ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ।
ਜੀਆਰਪੀ ਦੇ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8:30 ਵਜੇ ਸਟੇਸ਼ਨ ਮਾਸਟਰ ਨੇ ਉਨ੍ਹਾਂ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਕਿ ਪਲੇਟਫਾਰਮ ਨੇੜੇ ਦੋ ਪੁਲਿਸ ਮੁਲਾਜ਼ਮ ਸ਼ੱਕੀ ਹਾਲਤ ਵਿੱਚ ਪਏ ਹਨ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਜੀਵਨ ਲਾਲ ਅਤੇ ਪ੍ਰੀਤਮ ਦਾਸ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਹੈ। ਐਸਐਚਓ ਨੇ ਦੱਸਿਆ ਕਿ ਦੋਵਾਂ ਲਾਸ਼ਾਂ ‘ਤੇ ਕੋਈ ਜ਼ਖ਼ਮ ਜਾਂ ਹੋਰ ਕੋਈ ਨਿਸ਼ਾਨ ਨਹੀਂ ਹੈ। ਇਸ ਸਬੰਧੀ ਉਨ੍ਹਾਂ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਪੁਲਿਸ ਦੀ ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਕ੍ਰਾਈਮ ਸੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ।