ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

ਚੰਡੀਗੜ੍ਹ ਪੰਜਾਬ


 
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਸੈਨਿਕ ਸਦਨ ਮੋਹਾਲੀ ਦਾ ਦੌਰਾ ਕੀਤਾ


 
ਸਾਬਕਾ ਸੈਨਿਕਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਹ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਜਿਸ ਦੇ ਉਹ ਹੱਕਦਾਰ ਹਨ


 
ਜੰਗੀ ਵਿਧਵਾਵਾਂ ਨੂੰ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਮਾਣਭੱਤੇ ਦੀ ਇਕਮੁਸ਼ਤ ਰਕਮ ਦੇਣੀ ਵਿਚਾਰ ਅਧੀਨ


 
ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ
,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ ‘ਤੇ ਮਜ਼ਬੂਤ ਕਰਨ ਜਾ ਰਹੀ ਹੈ।

ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ ‘ਤੇ ਰਾਜ ਕੋਲ ਉਠਾਉਂਦੇ ਹਨ।

 ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪੁਲਿਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਸੈਨਿਕ ਸਦਨ ਵਿਖੇ 1965 ਦੇ ਕਾਰਗਿਲ ਨਾਇਕ, ਮਹਾਂਵੀਰ ਚੱਕਰ ਮੇਜਰ ਬਲਜੀਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਅਤੇ ਰੱਖਿਆ ਬਲਾਂ ਦੇ ਸ਼ਹੀਦਾਂ ਦਾ ਦੇਸ਼ ਦੇ ਹਰੇਕ ਨਾਗਰਿਕ ਦੇ ਮਨ ਵਿੱਚ ਬਹੁਤ ਸਤਿਕਾਰ ਹੈ ਅਤੇ ਸਾਨੂੰ ਉਨ੍ਹਾਂ ਦੇ ਪਰਿਵਾਰਾਂ ਦਾ ਰਾਸ਼ਟਰ ਲਈ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਲਈ ਧਿਆਨ ਰੱਖਣਾ ਚਾਹੀਦਾ ਹੈ।

ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ ਅਤੇ ਉਨ੍ਹਾਂ ਨੂੰ ਸਭ ਤੋਂ ਸਤਿਕਾਰਤ ਵਿਅਕਤੀਆਂ ਵਾਂਗ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਕਸ-ਗ੍ਰੇਸ਼ੀਆ ਰਾਸ਼ੀ ਜਿਸ ਨੂੰ ਵਧਾ ਕੇ ਇੱਕ ਕਰੋੜ ਰੁਪਏ ਕੀਤਾ ਗਿਆ ਹੈ, ਰਾਜ ਸਰਕਾਰ ਵੱਲੋਂ ਸੈਨਿਕਾਂ ਬਲਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਢੁੱਕਵੀਂ ਸ਼ਰਧਾਂਜਲੀ ਹੈ।

 ਸੈਨਿਕ ਪਰਿਵਾਰਾਂ ਦੇ ਦਿਵਿਆਂਗ ਆਸ਼ਰਿਤਾਂ ਦੀ ਪੈਨਸ਼ਨ ਵਿੱਚ ਅਸਮਾਨਤਾ ਅਤੇ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਜੰਗੀ ਵਿਧਵਾਵਾਂ ਲਈ ਇਕਮੁਸ਼ਤ ਮਾਣ ਭੱਤੇ ਦੀ ਲੋੜ ‘ਤੇ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਧਿਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਤੋਂ ਇਲਾਵਾ ਇੱਕਮੁਸ਼ਤ ਮਾਣ ਭੱਤਾ ਦੇਣ ਬਾਰੇ ਮੁੱਦਾ ਰਾਜ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇੱਥੇ ਉਠਾਏ ਗਏ ਭਾਰਤ ਸਰਕਾਰ ਨਾਲ ਸਬੰਧਤ ਮੁੱਦਿਆਂ ਨੂੰ ਵੀ ਜਲਦੀ ਨਿਪਟਾਉਣ ਲਈ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।

ਮੰਤਰੀ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੁਹਾਲੀ ਵੱਲੋਂ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀਆਂ ਗੁਰਸਿਮਰਨ ਕੌਰ, ਦਿਵਿਆਂਸ਼ੀ ਨੇਗੀ, ਪੁਲਕਿਤ ਅਤੇ ਪ੍ਰਤਿਭਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਅਤੇ ਕੋਰਸਾਂ ਨਾਲ ਲੈਸ ਕਰਨ ਲਈ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ 9 ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸਰਬਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਇੰਸਟੀਚਿਊਟ ਕੋਲ 1107 ਪਾਸ-ਆਊਟ ਹੋਣ ਦਾ ਇਤਿਹਾਸ ਹੈ। ਇਸ ਸਮੇਂ ਇੱਥੇ 120 ਵਿਦਿਆਰਥੀ ਪੜ੍ਹ ਰਹੇ ਹਨ। ਜ਼ਿਲ੍ਹੇ ਵਿੱਚ ਲਗਭਗ 1800 ਫੌਜੀ ਅਧਿਕਾਰੀ, 11000 ਸਾਬਕਾ ਫੌਜੀ, 5724 ਸਾਬਕਾ ਫੌਜੀਆਂ ਦੀਆਂ ਵਿਧਵਾਵਾਂ, 48 ਵੀਰ ਨਾਰੀਆਂ (ਜੰਗੀ ਵਿਧਵਾਵਾਂ) ਅਤੇ 136 ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਅਧਿਕਾਰੀ/ਸੈਨਿਕ ਹਨ।

ਡਾਇਰੈਕਟਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਬ੍ਰਿਗੇਡੀਅਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਨੇ ਸੈਨਿਕ ਸਦਨ ਮੁਹਾਲੀ ਵਿਖੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਜ਼ਿਲ੍ਹਾ ਦਫ਼ਤਰਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ।

ਇਸ ਮੌਕੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਪਤਨੀ ਵੀ ਹਾਜ਼ਰ ਸੀ ਅਤੇ ਉਸ ਨੇ ਮੰਤਰੀ ਨਾਲ ਗੱਲਬਾਤ ਕੀਤੀ।ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਤਰਫੋਂ ਬਕਾਇਆ ਪਈਆਂ ਸਾਰੀਆਂ ਡਿਊਟੀਆਂ ਜਲਦੀ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਏਡੀਸੀ (ਜ) ਵਿਰਾਜ ਐਸ ਤਿੜਕੇ ਨੂੰ ਪਰਿਵਾਰ ਦੀਆਂ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਪੈਰਵੀ ਕਰਨ ਲਈ ਕਿਹਾ।

ਇਸ ਮੌਕੇ ਏਡੀਸੀ (ਜ) ਵਿਰਾਜ ਐਸ ਤਿੜਕੇ ਅਤੇ ਐਸਡੀਐਮ ਦਮਨਦੀਪ ਕੌਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *