ਬੀ.ਐੱਸ.ਐੱਫ ਅਤੇ ਪੰਜਾਬ ਪੁਲਸ ਵੱਲੋਂ ਸਰਹੱਦੀ ਇਲਾਕੇ ‘ਚੋਂ 12.5 ਕਿਲੋ ਹੈਰੋਇਨ ਬਰਾਮਦ
ਤਰਨਤਾਰਨ, 11 ਅਕਤੂਬਰ,ਬੋਲੇ ਪੰਜਾਬ ਬਿਊਰੋ :
ਬੀ.ਐੱਸ.ਐੱਫ ਅਤੇ ਪੰਜਾਬ ਪੁਲਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ 12.5 ਕਿਲੋ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 63 ਕਰੋੜ ਰੁਪਏ ਦੱਸੀ ਜਾਂਦੀ ਹੈ।
ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ 103 ਬਟਾਲੀਅਨ ਅਮਰਕੋਟ ਅਤੇ ਥਾਣਾ ਖੇਮਕਰਨ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਸ ਵਿੱਚ ਸੁਖਚੈਨ ਸਿੰਘ ਪੁੱਤਰ ਹੀਰਾ ਸਿੰਘ ਦੇ ਖੇਤਾਂ ਵਿੱਚ 6 ਪਲਾਸਟਿਕ ਦੀਆਂ ਬੋਤਲਾਂ ਪਈਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਸਾਂਝੇ ਤੌਰ ‘ਤੇ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਖੇਤਾਂ ‘ਚ ਡਿੱਗੀਆਂ 6 ਬੋਤਲਾਂ ਬਰਾਮਦ ਕੀਤੀਆਂ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਵਿਚੋਂ 12 ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।