ਸਰਕਾਰੀ ਸਕੂਲ ਦੀ ਅਧਿਆਪਕਾ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਸਕੂਲ ਦੇ ਕਲਰਕ ਖਿਲਾਫ ਪਰਚਾ ਦਰਜ
ਗੁਰਦਾਸਪੁਰ, 13 ਅਕਤੂਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਹਰਗੋਬਿੰਦਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ ਮਹਿਲਾ ਅਧਿਆਪਕਾ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਸਕੂਲ ਦੇ ਹੀ ਕਲਰਕ ਖਿਲਾਫ ਮਾਮਲਾ ਦਰਜ ਕੀਤਾ ਹੈ। ਦੂਜੇ ਪਾਸੇ ਕਲਰਕ ਦੇ ਖਿਲਾਫ ਸਿੱਖਿਆ ਵਿਭਾਗ ਨੇ ਵਿਭਾਗੀ ਜਾਂਚ ਵੀ ਖੋਲ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐਸ. ਆਈ. ਕਰਤਾਰ ਸਿੰਘ ਨੇ ਦੱਸਿਆ ਕਿ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਤਹਿਤ ਇੱਕ ਪਿੰਡ ਦੇ ਸਰਕਾਰੀ ਸਕੂਲ ਦੀ ਇੱਕ ਅਧਿਆਪਕਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਸਰਕਾਰੀ ਸਕੂਲ ਵਿੱਚ ਸਾਇੰਸ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਹੀ ਹੈ ਅਤੇ ਸਕੂਲ ਦੇ ਮੰਨੂੰ ਜੋਤੀ ਨਾਮਦੇਵ ਕਲਰਕ ਨੇ ਉਸ ਨਾਲ ਛੇੜਛਾੜ ਕੀਤੀ ਹੈ। ਏ.ਐਸ.ਆਈ ਕਰਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਧਿਆਪਕਾ ਦੀ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜਾਂਚ ਦੌਰਾਨ ਦੋਸ਼ੀ ਪਾਏ ਜਾਣ ‘ਤੇ ਪੁਲਿਸ ਨੇ ਸਕੂਲ ਦੇ ਕਲਰਕ ਮੰਨੂੰ ਜੋਤੀ ਦੇ ਖਿਲਾਫ ਧਾਰਾ 75 ਅਤੇ 78 ਬੀ.ਐਨ.ਐਸ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਜਦੋਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ, ਜਿਸ ‘ਤੇ ਵਿਭਾਗ ਵੱਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਜਾਂਚ ਲਈ ਪ੍ਰਿੰਸੀਪਲ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਵੱਲੋਂ ਸਕੂਲ ਜਾ ਕੇ ਅਧਿਆਪਕਾ ਕੋਲੋਂ ਅਤੇ ਸਕੂਲ ਦੇ ਸਟਾਫ ਕੋਲੋਂ ਪੁੱਛ ਗਿੱਛ ਕੀਤੀ ਜਾਵੇਗੀ।ਜਾਂਚ ਰਿਪੋਰਟ ਦੇ ਆਧਾਰ ‘ਤੇ ਸਿੱਖਿਆ ਵਿਭਾਗ ਵੱਲੋਂ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।