ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
ਚੰਡੀਗੜ੍ਹ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।
ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਨ੍ਹਾਂ ਕਾਲਜਾਂ ਅਤੇ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਤੋਂ ਲੋਕਾਂ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਹਸਪਤਾਲਾਂ ਵਿੱਚ ਮਿਆਰੀ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਧੇਰੇ ਸੁਪਰ ਸਪੈਸ਼ਲਿਸਟਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਲਈ ਵਿਆਪਕ ਨੀਤੀ ਤਿਆਰ ਕਰਨ।