ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਪੰਜਾਬ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ


ਐੱਸ. ਏ. ਐੱਸ. ਨਗਰ 17 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ  ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਮੰਗਲ ਸਿੰਘ ਅਤੇ ਨਵਾਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਘੱਲੂਘਾਰੇ ਸੰਨ੍ਹ 1762ਈ ਵਿੱਚ ਅਹਿਮਦ ਸ਼ਾਹ ਅਬਦਾਲੀ ਦੁਆਰਾ ਮਲੇਕੋਟਲਾ ਦੇ ਨੇੜੇ ਪਿੰਡ ਕੁੱਪ ਰੋਹੀੜਾ ਵਿਖੇ 35 ਤੋ 40 ਹਜ਼ਾਰ  ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕੀਤੇ ਜਾਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਦੱਸਿਆ।  ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਛੋਟੇ ਘੱਲੂਘਾਰੇ ਸੰਨ੍ਹ 1746ਈ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਦੁਆਰਾ ਗੁਰਦਾਸਪੁਰ ਜਿਲ੍ਹੇ ਦੇ ਕਾਹਨੂੰਵਾਲ ਛੰਭ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ ਜੀ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।  ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 19 ਅਕਤੂਬਰ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Leave a Reply

Your email address will not be published. Required fields are marked *