ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਚੰਡੀਗੜ੍ਹ ਪੰਜਾਬ

ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਮਾਇਤ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ

ਚੰਡੀਗੜ੍ਹ 19 ਅਕਤੂਬਰ,ਬੋਲੇ ਪੰਜਾਬ ਬਿਊਰੋ :

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ ਇਨ੍ਹਾਂ ਮੋਰਚਿਆਂ ਵਿੱਚ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। 25 ਟੌਲ ਪਲਾਜਿਆਂ ਅਤੇ 25 ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਇਹ ਮੋਰਚੇ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰੱਖੇ ਜਾਣਗੇ।

ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸੰਬੰਧਤ ਜ਼ਿਲ੍ਹਾ ਅਤੇ ਬਲਾਕ ਪੱਧਰਾਂ ਦੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕੀਤੀ ਜਾਵੇ ਅਤੇ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ। ਇਸਦੇ ਨਾਲ਼ ਹੀ ਉਨ੍ਹਾਂ ਵੱਲੋਂ ਡੀ ਏ ਪੀ ਦੀ ਬਿਨਾਂ ਸ਼ਰਤ ਨਿਰਵਿਘਨ ਸਪਲਾਈ ਕਰਨ ਦੀ ਮੰਗ ਉੱਤੇ ਜ਼ੋਰ ਦਿੱਤਾ। ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਸੰਸਾਰ ਵਪਾਰ ਸੰਸਥਾ ਦੀ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਬੁਲਾਰਿਆਂ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੁਆਰਾ ਮਜ਼ਦੂਰਾਂ ਕਿਸਾਨਾਂ ਦੇ ਹਿੱਤਾਂ ਦੀ ਸਾਂਝ ‘ਤੇ ਪਹਿਰਾ ਦਿੰਦਿਆਂ ਕਿਸਾਨ ਮੋਰਚਿਆਂ ਦੀ ਹਮਾਇਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਇਸ ਜਥੇਬੰਦੀ ਵੱਲੋਂ ਪੰਜ ਮੋਰਚਿਆਂ ਵਿੱਚ ਸ਼ਮੂਲੀਅਤ ਕੀਤੀ ਗਈ ਜਿੱਥੇ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ ਅਤੇ ਹਰਮੇਸ਼ ਮਾਲੜੀ ਤੋਂ ਇਲਾਵਾ ਜ਼ਿਲ੍ਹਾ/ਬਲਾਕ ਪੱਧਰੇ ਆਗੂਆਂ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਵੱਲੋਂ ਬੀਤੇ ਦਿਨ ਮੋਹਾਲੀ ਪੁਲਿਸ ਦੁਆਰਾ ਈ ਟੀ ਟੀ 2364 ਅਧਿਆਪਕ ਯੂਨੀਅਨ ਦੇ ਹੱਕੀ ਧਰਨੇ ਨੂੰ ਟੀਚਰਾਂ ਦੀ ਕੁੱਟਮਾਰ ਅਤੇ ਟੈਂਟ ਪੱਟਣ ਰਾਹੀਂ ਖਦੇੜਨ ਦੇ ਜਬਰ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ ਦਾ ਸ਼ਾਂਤਮਈ ਧਰਨੇ ਦਾ

ਸੰਵਿਧਾਨਕ ਹੱਕ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਪੂਰੇ ਜੋਸ਼ ਅਤੇ ਧੜੱਲੇ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਕੇ ਹੀ ਜਿੱਤ ਦੀ ਗਰੰਟੀ ਹੋਵੇਗੀ ਅਤੇ ਕਿਸਾਨਾਂ ਵੱਲੋਂ ਮਹਿੰਗੇ ਖ਼ਰਚੇ ਅਤੇ ਲਹੂ ਪਸੀਨਾ ਇੱਕ ਕਰਕੇ ਪਾਲ਼ੇ ਗਏ ਝੋਨੇ ਦੀ ਬੇਕਦਰੀ ਖਤਮ ਹੋਵੇਗੀ।

Leave a Reply

Your email address will not be published. Required fields are marked *