ਪੰਜਾਬ ‘ਚ ਕਿਸਾਨ ਫਿਰ ਕਰਨਗੇ ਚੱਕਾ ਜਾਮ
ਲੁਧਿਆਣਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ
ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ ਹੱਲ ਕਰਨ ਲਈ ਦੋ ਦਿਨ ਦੇ ਦਿੱਤੇ ਭਰੋਸੇ ਮਗਰੋਂ ਹਾਲਤਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ , ਬੂਟਾ ਸਿੰਘ ਬੁਰਜ ਗਿੱਲ ਅਤੇ ਬੋਘ ਸਿੰਘ ਮਾਨਸਾ ਨੇ ਕੀਤੀ।
ਮੀਟਿੰਗ ਨੇ ਸਰਬਸੰਮਤੀ ਨਾਲ ਨੋਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਦਿਵਾਏ ਗਏ ਭਰੋਸੇ ਦੇ ਬਾਵਜੂਦ ਮੰਡੀਆਂ ਵਿੱਚ ਖ੍ਰੀਦ ਅਤੇ ਲਿਫਟਿੰਗ ਦੇ ਸੰਕਟ ਦੇ ਮਸਲੇ ਜਿਉਂ ਦੇ ਤਿਉਂ ਬਰਕਰਾਰ ਹਨ। ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ।ਫਸਲ ਕੱਟ ਲਾਕੇ ਐਮ ਐਸ ਪੀ ਤੋਂ ਘੱਟ ਵੇਚਣ ਲਈ ਮਜਬੂਰ ਕਰ ਦਿੱਤਾ ਗਿਆ ਹੈ।
ਮੀਟਿੰਗ ‘ਚ ਕਿਸਾਨਾਂ ਦੇ ਮੰਡੀਆਂ ਵਿੱਚ ਰੁਲਣ ਲਈ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜਾ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।ਵਰਣਨਯੋਗ ਹੈ ਕਿ ਸੂਬੇ ਦੇ ਗੋਦਾਮਾਂ ਅਤੇ ਸ਼ੈਲਰਾਂ ਵਿੱਚ ਪਏ ਪੁਰਾਣੇ ਭੰਡਾਰਾਂ ਨੂੰ ਕੇਂਦਰ ਸਰਕਾਰ ਨੇ ਸਮੇਂ ਸਿਰ ਲਿਫਟਿੰਗ ਨਾ ਕਰਵਾਉਣ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕਰਦਿਆਂ ਐਲਾਨ ਕੀਤਾ ਕਿ 25 ਅਕਤੂਬਰ ਨੂੰ ਸੂਬੇ ਭਰ ਵਿੱਚ ਮੰਡੀਆਂ ਦੇ ਨੇੜੇ ਪ੍ਰਮੁੱਖ ਸੜਕੀ ਮਾਰਗਾਂ ਤੇ 11 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ 11 ਤੋਂ 3 ਵਜੇ ਤੱਕ ਮੁਕੰਮਲ ਘਿਰਾਓ ਕੀਤੇ ਜਾਣਗੇ।
ਮੋਰਚੇ ਨੇ ਮੰਡੀਆਂ ਵਿੱਚ ਆਉਣ ਤੇ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਦੇ ਕਾਲੇ ਝੰਡਿਆਂ ਨਾਲ ਘਿਰਾਓ ਕਰਨ ਅਤੇ ਸੂਬੇ ਭਰ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਕਾਲੇ ਝੰਡੇ ਦਿਖਾਉਣ ਦੇ ਸੱਦੇ ਨੂੰ ਮੁੜ ਬਹਾਲ ਕਰ ਦਿੱਤਾ ਹੈ। ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਭਰੋਸੇ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ 4 ਦਿਨ ਦਾ ਸਮਾਂ ਸਰਕਾਰ ਨੂੰ ਦਿੰਦਿਆਂ ਘਿਰਾਓ ਕਰਨ ਦੇ ਪ੍ਰੋਗਰਾਮ ਰੋਕ ਲਏ ਸਨ।