ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੂੰ ਨਹੀਂ ਮਿਲੀ ਛੋਟ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਮਨੀ ਚੋਣਾਂ ਲੜਨ ਲਈ ਛੋਟ ਮੰਗੀ ਗਈ ਸੀ। ਇਸ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ, ਸੁਖਬੀਰ ਸਿੰਘ ਬਾਦਲ ਨੂੰ ਜਿਮਨੀ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਤਨਖਾਹ ਪੂਰੀ ਕਰਨ ਤੱਕ ਤਨਖਾਹੀਆ, ਤਨਖਾਹੀਆ ਹੀ ਰਹਿੰਦਾ ਹੈ। ਇਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਚੋਣ ਲੜਨ ਦੀਆਂ ਉਮੀਦਾਂ ਤੇ ਪਾਣੀ ਫਿਰ ਗਿਆ ਹੈ। ਇਸ ਤੋਂ ਪਹਿਲਾਂ ਇਹ ਵੀ ਚਰਚਾਵਾਂ ਸਨ ਕਿ, ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਸੀ ਕਿ, ਉਹ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੇ ਤੌਰ ਤੇ ਚੋਣ ਲੜ ਸਕਦੇ ਹਨ। ਪਰ ਕਿਉਂਕਿ ਮਨਪ੍ਰੀਤ ਸਿੰਘ ਬਾਦਲ ਦੇ ਨੂੰ ਬੀਜੇਪੀ ਨੇ ਗਿੱਦੜਬਾਹਾ ਤੋਂ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਦੇ ਵਿੱਚ ਉਤਾਰ ਦਿੱਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਕੋਈ ਹੋਰ ਉਮੀਦਵਾਰ ਮੈਦਾਨ ‘ਚ ਉਤਾਰਨਾ ਪਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਕੌਣ ਹੁੰਦਾ ਹੈ।