ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 142 ਵੋਟਾਂ ਵਿੱਚੋਂ 107 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਮੌਜੂਦ ਰਹੇ।
ਜਨਰਲ ਇਜਲਾਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੇਣ ਤੇ ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ। ਇਸ ਦੇ ਨਾਲ ਹੀ ਆਨਰੇਰੀ ਮੁੱਖ ਸਕੱਤਰ ਵਜੋਂ ਕੁਲਵੰਤ ਸਿੰਘ ਮੰਨਣ ਨੂੰ ਨਿਯੁਕਤ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਇਹ ਵੱਡੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ, ਨਿਰਮਤਾ ਤੇ ਪੰਥਕ ਭਾਵਨਾਵਾਂ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਦੀ ਚੋਣ ਵਿਚ ਪੰਜਾਬ ਦੀ ਆਪ ਸਰਕਾਰ ਦੇ ਨਾਲ-ਨਾਲ ਭਾਰਤ ਸਰਕਾਰ, ਭਾਜਪਾ, ਆਰਐਸਐਸ, ਕਾਂਗਰਸ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਪ੍ਰੰਤੂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਦ੍ਰਿੜ੍ਹਤਾ ਨਾਲ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਚੋਣ ਦੇ ਨਤੀਜੇ ਪੰਥ ਵਿਰੋਧੀ ਸ਼ਕਤੀਆਂ ਕਰਾਰਾ ਜਵਾਬ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵੱਧ ਗਈ ਹੈ, ਜਿਸ ਪ੍ਰਤੀ ਉਹ ਸਮਰਪਣ ਭਾਵਨਾ ਨਾਲ ਕਾਰਜ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਤਰਜ਼ੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਵਿਚ ਮੁਖ ਤੌਰ ’ਤੇ ਕੇਂਦਰਿਤ ਰਿਹਾ ਜਾਵੇਗਾ ਅਤੇ ਇਸ ਦੇ ਨਾਲ ਹੀ ਸਿਹਤ, ਸਿੱਖਿਆ, ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਮਨੁੱਖੀ ਜੀਵਨ ਲਈ ਅਤਿ ਅਹਿਮ ਹਨ, ਜਿਨ੍ਹਾਂ ਦਾ ਪ੍ਰਚਾਰ ਪ੍ਰਸਾਰ ਪੁਖਤਗੀ ਨਾਲ ਕੀਤਾ ਜਾਵੇਗਾ। ਸਿੱਖ ਸਿਧਾਂਤਾਂ ਅਤੇ ਰਹਿਣੀ ਵਿਚ ਪ੍ਰਪੱਕਤਾ ਹਰ ਸਿੱਖ ਲਈ ਲਾਜ਼ਮੀ ਹੈ, ਜਿਸ ਦੇ ਪ੍ਰਚਾਰ ਨੂੰ ਏਜੰਡੇ ’ਤੇ ਲਿਆ ਜਾਵੇਗਾ। ਉਨ੍ਹਾਂ ਸਾਰੀਆਂ ਸਿੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਤੋਂ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਦਾ ਕਾਰਜ ਸਮੁੱਚੀ ਕੌਮ ਦਾ ਸਾਂਝਾ ਯਤਨ ਹੋਣਾ ਚਾਹੀਦਾ ਹੈ, ਜਿਸ ਲਈ ਉਹ ਹਰ ਇਕ ਪਹੁੰਚ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਈ।