ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਪੰਜਾਬ

ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ


ਐੱਸ.ਏ.ਐੱਸ. ਨਗਰ 1 ਨਵੰਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਗਵਾਲੀਅਰ ਦੇ ਕਿਲੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ।  ਉਨ੍ਹਾਂ ਗੁਰੂ ਸਾਹਿਬ ਵੱਲੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਸ਼ਰਤ ਮੁਤਾਬਿਕ 52 ਕਲੀਆ ਵਾਲਾ ਚੋਲਾ ਪਹਿਨ ਕੇ ਪਹਾੜੀ ਰਾਜਿਆਂ ਨੂੰ ਕੈਦ ਵਿੱਚੋ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਦਿਲ ਖਿੱਚਵੇਂ ਅੰਦਾਜ ਵਿੱਚ ਸੰਗਤਾਂ ਨੂੰ ਸਰਵਣ ਕਰਵਾਇਆ । ਭਾਈ ਕਮਲੇਸ਼ਇੰਦਰ ਸਿੰਘ ਜੀ ਸੁਨਾਮ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ, ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਸੰਗਤਾਂ ਵੱਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ । ਇਸ ਤੋਂ ਇਲਾਵਾ ਭਾਈ ਨਵਦੀਪ ਸਿੰਘ ਜੀ ਜਵੱਦੀ ਟਕਸਾਲ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਰਾਜਵਿੰਦਰ ਸਿੰਘ ਜੀ ਸਮਰਾਲੇ ਵਾਲੇ, ਭਾਈ ਗੁਰਸੇਵਕ ਸਿੰਘ ਜੀ ਨਾਢਾ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਜੀ ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਫੁੱਲਾਂ ਨਾਲ ਅੰਦਰੋੱ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋੱ ਅਤੇ ਗੇਟ ਤੱਕ ਕੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾ ਨਾਲ ਸਜਾਇਆ ਗਿਆ ਸੀ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 11 ਨਵੰਬਰ ਨੂੰ ਦਸਵੀ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਇੰਨਟਰਨੇਸ਼ਨਲ ਪੰਥਕ ਢਾਡੀ ਜਥੇ, ਅਤੇ ਉੱਚ ਕੋਟੀ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *