ਪਾਕਿਸਤਾਨ ਵਲੋਂ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ’ਚ ਵੱਡੀ ਢਿੱਲ ਦੇਣ ਦਾ ਐਲਾਨ
ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ :
ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀਰਵਾਰ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ’ਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ ਅਤੇ ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਇਹ ਤਬਦੀਲੀ ਤੁਰੰਤ ਲਾਗੂ ਹੋ ਗਈ ਹੈ।
44 ਅਮਰੀਕੀ ਸਿੱਖਾਂ ਦੇ ਸਮੂਹ ਦਾ ਸਵਾਗਤ ਕਰਦਿਆਂ ਨਕਵੀ ਨੇ ਅਮਰੀਕੀ ਨਾਗਰਿਕਾਂ ਲਈ ਯਾਤਰਾ ਦੀ ਆਸਾਨੀ ’ਤੇ ਜ਼ੋਰ ਦਿਤਾ, ਜੋ ਪਹੁੰਚਣ ’ਤੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਪਾਕਿਸਤਾਨ ਦੀ ਕਈ ਯਾਤਰਾਵਾਂ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ।ਨਕਵੀ ਨੇ 10 ਲੱਖ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਿਚ ਸਵਾਗਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹਸਨ ਅਬਦਾਲ ਵਰਗੇ ਰਵਾਇਤੀ ਸਥਾਨਾਂ ਤੋਂ ਬਾਹਰ ਜਾਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਭਾਰਤੀ ਨਾਗਰਿਕਾਂ ਸਮੇਤ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪਾਕਿਸਤਾਨ ਵਿਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।