ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ
ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲ ਪੁੱਜੀਆਂ ਸੰਗਤਾਂ ਦੇ ਪਾਸਪੋਰਟ ਵੀਜ਼ੇ ਪਾਕਿਸਤਾਨ ਅੰਬੈਸੀ ਨੂੰ ਭੇਜ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਤੈਅ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ। 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਭਾਗ ਲੈਣਗੇ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 23 ਨਵੰਬਰ ਨੂੰ ਭਾਰਤ ਪਰਤੇਗਾ।