ਕੈਨੇਡਾ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰੇਗਾ
ਓਟਾਵਾ, 17 ਨਵੰਬਰ,ਬੋਲੇ ਪੰਜਾਬ ਬਿਊਰੋ ;
ਕੈਨੇਡਾ ਤੋਂ ਭਾਰਤੀਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਐਂਪਲਾਇਰਜ਼ ਨੂੰ ਉੱਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ’ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਹ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ।