ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਐੱਸ. ਏ. ਐੱਸ. ਨਗਰ ਮੁਹਾਲੀ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ਼ਹੀਦੀ ਦਿਹਾੜੇ ਦੀ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਜੀ ਦੇ ਪੰਥਕ ਢਾਡੀ ਜੱਥੇ ਨੇ ‘ਬਚਨ ਕੇ ਬਲੀ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ’ ਦਾ ਜੀਵਨ ਬ੍ਰਿਤਾਂਤ ਅਤੇ 90 ਸਾਲ ਦੀ ਉਮਰ ਵਿੱਚ ਧਰਮ ਬਚਾਉਣ ਖਾਤਿਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਬਾਬਾ ਦੀਪ ਸਿੰਘ ਜੀ ਵੱਲੋਂ ਬਿਰਧ ਅਵਸਥਾ ਵਿੱਚ ਹੁੰੰਦੇ ਹੋਏ ਵੀ ਜਾਲਮਾਂ ਵਿਰੁੱਧ ਉੱਠ ਖੜਨ ਅਤੇ ਮੁਗਲਾਂ ਦੇ ਜੁਲਮਾਂ ਦਾ ਟਾਕਰਾ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਉਨਾਂ ਇਹ ਵੀ ਦਸਿਆ ਕਿ ਇਹ ਭਾਵਨਾ ਅਤੇ ਬਾਬਾ ਜੀ ਦੀ ਅਨਮੋਲ ਸ਼ਹਾਦਤ ਖਾਲਸਾ ਰਾਜ ਦੀ ਸਥਾਪਨਾ ਲਈ ਮੀਲ ਪੱਥਰ ਸਾਬਤ ਹੋਈ। ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਖੰਡੇ ਬਾਟੇ ਦੀ ਮਹਾਨਤਾ ਦਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਭਾਈ ਗੁਰਬਖੱਸ਼ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਜੀ, ਭਾਈ ਸਰੂਪ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਹਰਿਜੱਸ ਕੀਰਤਨੀ ਜੱਥਾ, ਭਾਈ ਅਮਰਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਗੁਰੂ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਗਿਆ।