ਲਾਰੇਂਸ ਬਿਸ਼ਨੋਈ ਦਾ ਭਰਾ ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫ਼ਤਾਰ
ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। NIA ਦੇ ਮੋਸਟ ਵਾਂਟੇਡ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਮਰੀਕੀ ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਅਨਮੋਲ ਬਿਸ਼ਨੋਈ ਨਾਲ ਜੁੜੇ ਮਾਮਲਿਆਂ ਬਾਰੇ ਭਾਰਤ ਸਰਕਾਰ ਤੋਂ ਜਲਦ ਹੀ ਜਾਣਕਾਰੀ ਮੰਗੀ ਜਾਵੇਗੀ।
ਗੈਂਗਸਟਰ ਅਨਮੋਲ ਬਿਸ਼ਨੋਈ ਖ਼ਿਲਾਫ਼ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਦੇਸ਼ ਭਰ ਵਿੱਚ 22 ਤੋਂ ਵੱਧ ਕੇਸ ਦਰਜ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੱਡਾ ਝਟਕਾ ਲੱਗਾ ਹੈ। ਅਨਮੋਲ ਬਿਸ਼ਨੋਈ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਦਾ ਭਰਾ ਹੈ।
ਅਪਰਾਧ ਦੀ ਦੁਨੀਆ ‘ਚ ਉਸ ਸਮੇਂ ਗੈਂਗਸਟਰ ਅਨਮੋਲ ਬਿਸ਼ਨੋਈ ਦਾ ਨਾਂ ਸਭ ਤੋਂ ਜ਼ਿਆਦਾ ਚਰਚਾ ‘ਚ ਸੀ ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਗਿਆ ਸੀ।ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਵੱਲੋਂ ਅਨਮੋਲ ਨੂੰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਐਲਾਨਿਆ ਗਿਆ ਸੀ। ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ।