ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਮੀਟਿੰਗ,ਭੂੰਦੜ ਤੇ ਧਾਮੀ ਵੀ ਸ਼ਾਮਿਲ
ਅੀਮ੍ਰਤਸਰ 20 ਨਵੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਤੋਂ ਬਾਅਦ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਅਚਾਨਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ। ਪਰ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਬੁਲਾਇਆ ਗਿਆ ਸੀ।ਮੀਟਿੰਗ ਤੋਂ ਬਾਹਰ ਆਏ ਬਲਵਿੰਦਰ ਸਿੰਘ ਭੂੰਦੜ ਨੇ ਏਜੰਡੇ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਪਰ, ਭੂੰਦੜ ਨੇ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਕੋਈ ਚਰਚਾ ਨਹੀਂ ਹੋਈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੀਟਿੰਗ ਵਿੱਚ ਹੋਈ ਚਰਚਾ ਬਾਰੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਪਰ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਹਰ ਇੱਕ ਦੇ ਯਤਨ ਜਾਰੀ ਰਹਿਣਗੇ।ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਸੱਦੀ ਗਈ ਹੈ। ਜਿਸ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਇਹ ਸਾਰੇ ਅੱਜ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੇ ਘਰ ਲੁਧਿਆਣਾ ਦੇ ਪਿੰਡ ਰਾਜੋਆਣਾ ਤੋਂ ਪਰਤੇ ਸਨ। ਇੰਨਾ ਹੀ ਨਹੀਂ ਉਨ੍ਹਾਂ ਬਲਵੰਤ ਰਾਜੋਆਣਾ ਨਾਲ ਵੀ ਗੱਲਬਾਤ ਕੀਤੀ।