ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਪੰਜਾਬ

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਆਦਿ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਬਿਧੀ ਚੰਧ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਿਚਰ ਕੇ ਗੁਰਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਅਤੇ ਬੇਅੰਤ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਲੜ ਲਾਇਆ। ਬਾਬਾ ਜੀ ਨੇ ਜੀਵਨ ਭਰ ਜਥੇਬੰਦੀ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿ ਕੇ ਮਹਾਨ ਸੇਵਾਵਾਂ ਨਿਭਾਈਆਂ।


ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਸਿੱਖ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਨੇ ਸੰਨ 1823 ਈ: ਵਿਚ ਨੌਸ਼ਹਿਰੇ ਦੀ ਜੰਗ ਵਿਚ ਆਪਣੀ ਵੀਰਤਾ ਦੇ ਜ਼ੌਹਰ ਦਿਖਾਉਂਦੇ ਹੋਏ ਪੰਜ ਦੁਸ਼ਮਣ ਪਠਾਣ ਜਰਨੈਲਾਂ ਨੂੰ ਮਾਰ ਕੇ ਉਨ੍ਹਾਂ ਤੋਂ ਖੋਹੀਆਂ ਪੰਜ ਤਲਵਾਰਾਂ ਮਹਾਰਾਜਾ ਰਣਜੀਤ ਸਿੰਘ ਨੂੰ ਪੇਸ਼ ਕੀਤੀਆਂ ਸਨ, ਜਿਸ ਬਦਲੇ ਮਹਾਰਾਜਾ ਰਣਜੀਤ ਸਿੰਘ ਨੇ ਉਨ੍ਹਾਂ ਨੂੰ ਇਨਾਮ ਵਜੋਂ ਬਖ਼ਸ਼ੀ ਪੰਜ ਹਜ਼ਾਰ ਰੁਪਏ ਦੀ ਜਗੀਰ ਤੇ ਪੰਜ ਹੱਥੇ ਦਾ ਖ਼ਿਤਾਬ ਦਿੱਤਾ। ਉਨ੍ਹਾਂ ਕਿਹਾ ਕਿ ਸ. ਨਿਧਾਨ ਸਿੰਘ ਸਿੱਖ ਰਾਜ ਵਿਚ ਬਣੀ ਪੰਜ ਮੈਂਬਰੀ ਕੌਂਸਲ ਦੇ ਮੈਂਬਰ ਬਣੇ ਅਤੇ ਪੇਸ਼ਾਵਰ ਦੀ ਮੁਹਿੰਮ ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਸਾਰੀ ਉਮਰ ਸਿੱਖ ਰਾਜ ਦੀ ਸੁਰੱਖਿਆ ਤੇ ਸਲਾਮਤੀ ਦੇ ਪਹਿਰੇਦਾਰ ਰਹੇ।
ਇਸੇ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਵੀ ਸੰਬੋਧਨ ਕਰਦਿਆਂ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਵਿਚਾਰ ਪ੍ਰਗਟਾਏ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਫੁੰਮਣ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਬਾਬਾ ਜੀਤ ਸਿੰਘ ਜੌਲਾਂ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਦਿਲਜੀਤ ਸਿੰਘ ਬੇਦੀ, ਭਾਈ ਤਰਸੇਮ ਸਿੰਘ ਮੋਰਾਂਵਾਲੀ ਸ. ਕੰਵਰਚੜ੍ਹਤ ਸਿੰਘ, ਬਾਬਾ ਪ੍ਰੇਮ ਸਿੰਘ ਸੁਰਸਿੰਘ ਸਮੇਤ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *