1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ

ਪੰਜਾਬ

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ

ਸੰਗਰੂਰ, 25 ਨਵੰਬਰ, ਬੋਲੇ ਪੰਜਾਬ ਬਿਊਰੋ :

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਕਰਨ ਆਏ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਜਬਰੀਂ ਰੋਕ ਕੇ ਕੁੱਟਮਾਰ ਕੀਤੀ। ਇਹ ਉਮੀਦਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਵੱਲ ਵਧ ਰਹੇ ਸਨ। ਪੁਲਿਸ ਵੱਲੋਂ ਲਗਾਤਾਰ ਦੋ ਵਾਰ ਜੱਦੋਜਹਿਦ ਤੇ ਪ੍ਰਦਰਸ਼ਨ ਉਪਰੰਤ ਪ੍ਰਸ਼ਾਸਨ ਵੱਲੋਂ 25 ਨਵੰਬਰ ਨੂੰ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਦਿਵਾਈ ਗਈ। 

ਇਸ ਮੌਕੇ ਬਲਵਿੰਦਰ ਚਹਿਲ ਨੇ ਕਿਹਾ ਕਿ ਆਗੂਆਂ ਨੂੰ ਬੀਤੀ ਰਾਤ ਤੋਂ ਹੀ ਪ੍ਰਸ਼ਾਸਨ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਅੱਜ ‘ਆਮ ਆਦਮੀ ਦੀ ਸਰਕਾਰ’ ਨੇ ਆਮ ਲੋਕਾਂ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਿਆਂ ਜਬਰਨ ਪੁਲਿਸ ਤੋਂ ਚੁਕਵਾ ਕੇ ਆਪਣੇ ਸਿੱਖਿਆ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਜਸਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੌਰਾਨ ਮਹਿਲਾ ਪ੍ਰੋਫ਼ੈਸਰਾਂ ਦੀਆਂ ਚੁੰਨੀਆਂ ਰੋਲ਼ੀਆਂ ਗਈਆਂ ਅਤੇ ਵਾਲ ਖਿੱਚੇ ਗਏ।

ਮਨੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਮਿਤੀ 23 ਸਤੰਬਰ, 2024 ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ। ਪੰਜਾਬ ਸਰਕਾਰ ਨੇ ਭਰਤੀ ਨੂੰ ਅੱਧ ਵਿਚਾਲੇ ਲਟਕਾ ਦਿੱਤਾ ਹੈ। ਮਸਲਨ 600 ਤੋਂ ਵੱਧ ਸਹਾਇਕ ਪ੍ਰੋਫ਼ੈਸਰ ਕਾਲਜਾਂ ਵਿਚ ਨਿਯੁਕਤ ਹੋ ਚੁੱਕੇ ਹਨ ਪਰ ਪਿੱਛੇ ਬਚਦੇ 411 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਉਮੀਦਵਾਰ ਪਿਛਲੇ ਦੋ ਮਹੀਨਿਆਂ ਤੋਂ ਨਿਯੁਕਤੀ ਦੀ ਉਡੀਕ ਵਿੱਚ ਹਨ। ਪੰਜਾਬੀ ਦੇ 142, ਅੰਗਰੇਜ਼ੀ ਦੇ 154, ਹਿੰਦੀ ਦੇ 30, ਭੂਗੋਲ ਦੇ 15, ਐਜੂਕੇਸ਼ਨ ਦੇ 03 ਸਹਾਇਕ ਪ੍ਰੋਫ਼ੈਸਰ ਅਤੇ 67 ਲਾਇਬ੍ਰੇਰੀਅਨ ਕਾਲਜਾਂ ਵਿਚ ਨਿਯੁਕਤ ਹੋਣੋਂ ਰਹਿੰਦੇ ਹਨ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਕਿਯੂ ਡਕੌਂਦਾ, ਖੇਤੀਬਾੜੀ ਤੇ ਕਿਸਾਨ ਬਚਾਓ ਫ਼ਰੰਟ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਆਲ ਇੰਡੀਆ ਸਟੂਡੈਂਟਸ ਫ਼ੈਡਰੇਸ਼ਨ, ਸਟੂਡੈਂਟਸ ਫ਼ੈਡਰੇਸ਼ਨ ਆਫ਼ ਇੰਡੀਆ, ਪੀਐੱਸਯੂ-ਸ਼ਹੀਦ ਰੰਧਾਵਾ ਆਦਿ ਜਥੇਬੰਦੀਆਂ ਵੱਲੋਂ 1158 ਫ਼ਰੰਟ ਦੀ ਡਟਵੀਂ ਹਮਾਇਤ ਦਾ ਮੁਜ਼ਾਹਰਾ ਕਰਦਿਆਂ ਬੁਲਾਰਿਆਂ ਨੇ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। 

ਪਰਮਜੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਕਾਲਜਾਂ ਵਿਚ ਨਿਯੁਕਤ ਕਰਕੇ 1158 ਭਰਤੀ ਮੁਕੰਮਲ ਕਰਨ ਦੀ ਮੰਗ ਜਿਉਣ ਮਰਨ ਦਾ ਸਵਾਲ ਬਣ ਚੁੱਕੀ ਹੈ, ਜੇਕਰ ਕੱਲ੍ਹ ਦੀ ਮੀਟਿੰਗ ਉਪਰੰਤ ਵੀ ਸਰਕਾਰ ਭਰਤੀ ਨੂੰ ਮੁਕੰਮਲ ਕਰਨ ਵੱਲ ਠੋਸ ਕਦਮ ਨਹੀ ਪੁੱਟਦੀ ਤਾਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

Leave a Reply

Your email address will not be published. Required fields are marked *