ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਉਠਾਇਆ
ਪਟਿਆਲ਼ਾ, 26 ਨਵੰਬਰ,ਬੋਲੇ ਪੰਜਾਬ ਬਿਊਰੋ :
ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫੀ ਸਮੇਤ ਕਈ ਮੰਗਾਂ ਨੂੰ ਲੈ ਕੇ ਅੱਜ ਤੋਂ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਸਨ। ਇਸ ਤੋਂ ਪਹਿਲਾਂ ਹੀ ਪੁਲੀਸ ਨੇ ਰਾਤ 3 ਵਜੇ ਦੇ ਕਰੀਬ ਸਰਹੱਦ ’ਤੇ ਪਹੁੰਚ ਕੇ ਕਿਸਾਨਾਂ ਦੇ ਟੈਂਟਾਂ ਨੂੰ ਕੁੰਡੇ ਲਾ ਦਿੱਤੇ।
ਇਸ ਤੋਂ ਬਾਅਦ ਉਹ ਡੱਲੇਵਾਲ ਦੇ ਟੈਂਟ ਦੀ ਖਿੜਕੀ ਤੋੜ ਕੇ ਉਨ੍ਹਾਂ ਨੂੰ ਕਿਸੇ ਅਣਪਛਾਤੀ ਥਾਂ ‘ਤੇ ਲੈ ਗਏ। ਇਹ ਜਾਣਕਾਰੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦਿੱਤੀ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਡੱਲੇਵਾਲ ਫਰੀਦਕੋਟ ਪਹੁੰਚੇ ਸਨ ਅਤੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਪੁੱਤਰ, ਨੂੰਹ ਅਤੇ ਪੋਤਰੇ ਦੇ ਨਾਂ ਲਗਵਾ ਦਿੱਤੀ ਸੀ। ਡੱਲੇਵਾਲ ਨੇ ਕਿਹਾ ਕਿ ਉਹ ਨਾ ਸਿਰਫ਼ ਰਸਮੀ ਤੌਰ ‘ਤੇ ਮਰਨ ਵਰਤ ‘ਤੇ ਬੈਠੇ ਹਨ, ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਵੀ ਤਿਆਰ ਹਨ।