ਚੰਡੀਗੜ੍ਹ, 27 ਨਵੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ।
ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵਾਈਸ ਚੇਅਰਮੈਨ ਸ੍ਰੀ ਪਵਨ ਕੁਮਾਰ ਹੰਸ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ। ਸ੍ਰੀ ਭਗਤ ਨੇ ਵਾਈਸ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਵਾਈਸ ਚੇਅਰਮੈਨ ਸ੍ਰੀ ਹੰਸ ਨੇ ਆਹੁੱਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਢੰਗ ਅਤੇ ਕੁਸ਼ਲਤਾ ਨਾਲ ਕਰਨ ਲਈ ਵਿਸੇਸ ਜ਼ੋਰ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਕੌਲ,ਕਾਲਾ ਪ੍ਰਧਾਨ, ਬਾਬਾ ਰਾਜ ਕੁਮਾਰ ਤੋਂ ਇਲਾਵਾ ਸੁਦਰਸ਼ਨ, ਧਰਮਿੰਦਰ ਕੁਮਾਰ, ਸੰਨੀ ਹੰਸ, ਆਰੀਅਨ, ਇਸੂ ਗਿੱਲ ਅਤੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਅਧਿਕਾਰੀ ਹਾਜ਼ਰ ਸਨ।