ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ :
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਐਤਵਾਰ ਦੁਪਹਿਰ 2 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਉਨ੍ਹਾਂ ਇੱਥੇ ਬਣਾਏ ਜਾ ਰਹੇ ਨਵੇਂ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਇਹ ਰੇਲਵੇ ਸਟੇਸ਼ਨ ਮਾਰਚ 2025 ਤੱਕ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਹਿਲਾਂ 99 ਕਰੋੜ ਰੁਪਏ ਦੀ ਲਾਗਤ ਨਾਲ ਇਸ ਰੇਲਵੇ ਸਟੇਸ਼ਨ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਦੋਂਕਿ ਹੁਣ 122 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਟੇਸ਼ਨ ਦੀ ਮੁਰੰਮਤ ਦਾ ਕੰਮ ਮੁਕੰਮਲ ਹੋਣ ਜਾ ਰਿਹਾ ਹੈ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਦੇ ਨਾਲ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਕੈਬਨਿਟ ਮੰਤਰੀ ਪੰਜਾਬ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸਰਵਜੀਤ ਮੱਕੜ, ਕੰਟੋਨਮੈਂਟ ਬੋਰਡ ਸਿਵਲ ਮੈਂਬਰ ਪੁਨੀਤ ਸ਼ੁਕਲਾ, ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਮਰਜੀਤ ਸਿੰਘ ਅਮਰੀ ਜ਼ਿਲ੍ਹਾ ਭਾਜਪਾ ਦਿਹਾਤੀ ਪ੍ਰਧਾਨ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।