ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ ਹੈ। ਇਹ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋ ਗਈ।
ਉਨ੍ਹਾਂ ਕਿਹਾ ਕਿ ਪੁਲਸ ਨੇ ਆਪਣੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ ਅਤੇ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਇਸ ਦੇ ਨਾਲ ਹੀ ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।