ਐੱਸ. ਏ. ਐੱਸ. ਨਗਰ ,9 ਦਸੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਮੇਲ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬਾਬਾ ਫਤਹਿ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਸਰਵਣ ਕਰਵਾੳਦੇ ਹੋਏ ਦਸਿੱਆ ਕਿ ਬਾਬਾ ਫਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਕੁੱਖੋ ਸੰਨ 1699ਈ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਬੀਬੀ ਹਰਜਿੰਦਰ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦੁਪਰ ਸਾਹਿਬ ਵਾਲਿਆਂ ਨੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵੱਲੋਂ ਛੋਟੀ ਉਮਰੇ ਸਮੇਂ ਦੀ ਜਾਲਮ ਮੁਗਲ ਹਕੂਮਤ ਦੇ ਜਬਰ ਅਤੇ ਜੁਲਮ ਖਿਲਾਫ ਸਰਹਿੰਦ ਵਿਖੇ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਾਇਆ। ਇਸ ਤੋਂ ਇਲਾਵਾ ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਿੰਦਰ ਸਿੰਘ, ਭਾਈ ਹਰਏਕਮ ਜੋਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਰਾਜਵਿੰਦਰ ਸਿੰਘ ਸਮਰਾਲੇ ਵਾਲੇ, ਭਾਈ ਹਰਬੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।