ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ.ਈ.ਆਰ.ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਉਠਾਈ ਗਈ ਮੰਗ ਬਾਰੇ ਵਿਚਾਰ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ।

ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿੱਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।

ਮੀਟਿੰਗਾਂ ਵਿੱਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ.ਆਈ.ਈ. ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ.ਈ.ਈ.ਆਰ.ਟੀ.ਵਿਸ਼ੇਸ਼ ਅਧਿਅਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।