ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪਾਬੰਦੀਆਂ ਲਗਾਈਆਂ

ਪੰਜਾਬ


ਬਠਿੰਡਾ, 9 ਦਸੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਨਾਲ ਸਬੰਧਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਪਟਾਖਿਆਂ, ਆਤਿਸ਼ਬਾਜ਼ੀ ਅਤੇ ਹਥਿਆਰਾਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ।
ਹੁਕਮਾਂ ਅਨੁਸਾਰ, ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਉੱਚੇ ਸਥਾਨਾਂ ’ਤੇ ਚੜ੍ਹ ਜਾਂਦੇ ਹਨ, ਜਿਸ ਨਾਲ ਉਹ ਖੁਦ ਜਾਂ ਆਮ ਜਨਤਾ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ, ਕੁਝ ਸ਼ਰਾਰਤੀ ਤੱਤ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹ ਕੇ ਪੀਣ ਵਾਲੇ ਪਾਣੀ ਵਿੱਚ ਜ਼ਹਿਰੀਲੇ ਜਾਂ ਖ਼ਤਰਨਾਕ ਪਦਾਰਥ ਪਾ ਸਕਦੇ ਹਨ, ਜਿਸ ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣ ਅਤੇ ਕਾਨੂੰਨ-ਵਵਸਥਾ ਨੂੰ ਸਥਾਪਿਤ ਰੱਖਣ ਲਈ ਕਿਸੇ ਵੀ ਵਿਅਕਤੀ ਦੁਆਰਾ ਪਾਣੀ ਦੀਆਂ ਟੈਂਕੀਆਂ ਜਾਂ ਉੱਚੇ ਸਥਾਨਾਂ ’ਤੇ ਚੜ੍ਹਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਜ਼ਿਲ੍ਹੇ ਵਿੱਚ ਟਰੈਕਟਰ-ਟ੍ਰਾਲੀ ਜਾਂ ਹੋਰ ਵਾਹਨਾਂ ਰਾਹੀਂ ਬਿਨਾਂ ਢੱਕੇ ਮਿੱਟੀ ਜਾਂ ਹੋਰ ਸਮੱਗਰੀ ਨੂੰ ਲਿਜਾਣ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਸੈਂਟਰਲ ਜੇਲ੍ਹ ਬਠਿੰਡਾ ਦੇ 500 ਮੀਟਰ ਦੇ ਇਲਾਕੇ ਵਿੱਚ ਡਰੋਨ ਕੈਮਰੇ ਚਲਾਉਣ ਜਾਂ ਉਡਾਉਣ ਅਤੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਜੇਲ੍ਹ ਦੇ ਆਸਪਾਸ ਘੁੰਮਣ ’ਤੇ (ਮੁੱਖ ਸੜਕ ਨੂੰ ਛੱਡ ਕੇ) ਪਾਬੰਦੀ ਲਾਈ ਗਈ ਹੈ।
ਨਾਲ ਹੀ, ਜ਼ਿਲ੍ਹੇ ਦੇ ਸਾਰੇ ਪੀ.ਜੀ. (ਪੇਇੰਗ ਗੈਸਟ) ਮਾਲਕਾਂ ਨੂੰ ਆਪਣੇ ਕਿਰਾਏਦਾਰਾਂ ਜਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਅਤੇ ਪੁਲਿਸ ਥਾਣੇ ਜਾਂ ਸਾਂਝ ਕੇਂਦਰ ’ਤੇ ਤਸਦੀਕ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।
ਪੀ.ਜੀ. ਮਾਲਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਆਪਣੀ ਜਗ੍ਹਾ ਵਿੱਚ ਅੱਗ ਬੁਝਾਉਣ ਵਾਲੇ ਯੰਤਰ ਅਤੇ ਸੀਸੀਟੀਵੀ ਕੈਮਰੇ ਲਗਾਉਣ। ਇਹ ਯਕੀਨੀ ਬਣਾਉਣ ਲਈ ਹੈ ਕਿ ਕੋਈ ਵੀ ਸ਼ਰਾਰਤੀ ਤੱਤ ਵਿਦਿਆਰਥੀਆਂ ਜਾਂ ਕਿਰਾਏਦਾਰਾਂ ਦੇ ਰੂਪ ਵਿੱਚ ਲੁਕ ਕੇ ਸਮਾਜ ਦੀ ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਹ ਹੁਕਮ 7 ਫਰਵਰੀ 2025 ਤੱਕ ਲਾਗੂ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।