ਮੋਗਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :
ਮੋਗਾ ਪੁਲੀਸ ਵੱਲੋਂ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਟਈਸੇ ਖਾਂ ਪੁਲੀਸ ਨੇ 2 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਇੰਚਾਰਜ ਸੁਨੀਤਾ ਰਾਣੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਪੁਲਿਸ ਪਾਰਟੀ ਸਮੇਤ ਜਨੇਰ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਸੋਮਨਾਥ ਅੱਬੂ ਸੁੱਖਾ, ਜਗਸੀਰ ਸਿੰਘ ਜਾਗਰ ਅਤੇ ਬਲਵਿੰਦਰ ਸਿੰਘ ਸਾਰੇ ਵਾਸੀ ਪਿੰਡ ਜਨੇਰ 2 ਮੋਟਰਸਾਈਕਲ ਚੋਰੀ ਕਰਕੇ ਲਿਆਏ ਹਨ।
ਇਨ੍ਹਾਂ ਨੇ ਪਿੰਡ ਜਨੇਰ ਦੀਆਂ ਝਾੜੀਆਂ ‘ਚ ਚੋਰੀ ਕੀਤੇ ਮੋਟਰਸਾਈਕਲ ਲੁਕਾਉਣ ਦੀ ਯੋਜਨਾ ਬਣਾਈ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ।ਇਸ ਤੋਂ ਬਾਅਦ ਪੁਲਸ ਪਾਰਟੀ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ, ਜਿਨ੍ਹਾਂ ਖਿਲਾਫ ਥਾਣਾ ਕੋਟਈਸੇ ਖਾਂ ‘ਚ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
