ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਰਾਜ ਚੋਣ ਕਮਿਸ਼ਨ ਨੇ ਮਿੰਨੀ ਸਕੱਤਰੇਤ ਪਟਿਆਲਾ ਦੇ ਗੇਟ ਬੰਦ ਕਰਨ, ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਤੇ ਸੰਭਾਵਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਫਾੜਣ ਦੀਆਂ ਘਟਨਾਵਾਂ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਮਾਮਲੇ ਦੀ ਰਿਪੋਰਟ ਮੰਗੀ ਹੈ।
ਸ਼ੋਸ਼ਲ ਮੀਡੀਆਂ ’ਤੇ ਪਟਿਆਲਾ ’ਚ ਵਾਪਰੀਆਂ ਘਟਨਾਵਾਂ ਦੀ ਚਰਚਾ ਤੋਂ ਬਾਅਦ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਬਾਅਦ ਹਰਕਤ ਵਿਚ ਆਉਦਿਆਂ ਡਿਪਟੀ ਕਮਿਸ਼ਨਰ ਤੋ ਰਿਪੋਰਟ ਮੰਗੀ ਹੈ।
ਭਾਜਪਾ ਵੱਲੋ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੂਬਾਈ ਚੋਣ ਕਮਿਸ਼ਨ ਨੂੰ ਵੋਟਿੰਗ ਦੀ ਵੀਡੀਓਗ੍ਰਾਫੀ ਕਰਵਾਉਣ ਤੇ ਭਾਜਪਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ। ਭਾਜਪਾ ਦੇ ਕਾਨੂੰਨੀ ਸੈੱਲ ਦੇ ਮੁਖੀ ਐੱਨਕੇ ਵਰਮਾ ਨੇ ਇਹ ਜਾਣਕਾਰੀ ਦਿੱਤੀ ਹੈ।
ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਮਿਲ ਗਈ ਹੈ। ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਗਈ ਹੈ। ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਰੋਕਣ ਲਈ ਮਿੰਨੀ ਸਕੱਤਰੇਤ ਦਾ ਦਰਵਾਜ਼ਾ ਬੰਦ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਚੋਣ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਵੀਡੀਓ ਮਿਲੀ ਹੈ, ਪਰ ਵੀਡੀਓ ਦੇਖ ਕੇ ਸਮੇਂ ਦਾ ਪਤਾ ਨਹੀਂ ਲਗਾਇਆ ਜਾ ਸਕਦਾ ਹੈ। ਇਸ ਲਈ ਡੀਸੀ ਤੋਂ ਵੀ ਰਿਪੋਰਟ ਮੰਗੀ ਗਈ ਹੈ।