ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ
ਅੰਮ੍ਰਿਤਸਰ, 13 ਦਸੰਬਰ,ਬੋਲੇ ਪੰਜਾਬ ਬਿਊਰੋ –
ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਦੇ ਹਨ ਜਦਕਿ ਜਮੀਨੀ ਸਥਿਤੀ ਇਹ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਅੱਜ ਸੜਕਾਂ ਉੱਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਸਰਕਾਰਾਂ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਤਸ਼ੱਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਉੱਤੇ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਦੀ ਹੱਕੀ ਅਤੇ ਜਾਇਜ਼ ਮੰਗ ਹੈ ਅਤੇ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦਾ ਰਾਹ ਛੱਡ ਕੇ ਆਪਣੇ ਘਰਾਂ ਨੂੰ ਜਾਣ ਤਾਂ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਸੰਸਦ ਅੰਦਰ ਬਿਨਾ ਦੇਰੀ ਪਾਸ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤ ਅਤੇ ਸਿਧਾਂਤ ਵਿੱਚ ਭੁੱਖ ਹੜਤਾਲ ਨੂੰ ਕੋਈ ਥਾਂ ਨਹੀਂ, ਇਸ ਲਈ ਕਿਸਾਨ ਆਗੂਆਂ ਅਤੇ ਖ਼ਾਸਕਰ ਸ. ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਹੈ ਕਿ ਉਹ ਚੜ੍ਹਦੀ ਕਲਾ ਨਾਲ ਕਿਸਾਨੀ ਸੰਘਰਸ਼ ਨੂੰ ਅਗਾਂਹ ਵਧਾਉਣ ਤਾਂ ਜੋ ਸਰਕਾਰਾਂ ਤੋਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ।