ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ :
ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪੰਜਾਬ-ਹਰਿਆਣਾ ਦੀ ਸਰਹੱਦ ਖਨੌਰੀ ਵਿਖੇ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 ਦਸੰਬਰ ਨੂੰ SKM ਆਗੂ ਰਾਕੇਸ਼ ਟਿਕੈਤ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ। ਇੱਥੇ ਉਨ੍ਹਾਂ ਦੀ ਮੁਲਾਕਾਤ ਡੱਲੇਵਾਲ ਨਾਲ ਹੋਈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਹਾਦਤਾਂ ਤੋਂ ਡਰਦੀ ਨਹੀਂ ਹੈ। ਡੱਲੇਵਾਲ ਸਾਡੇ ਸੀਨੀਅਰ ਕਿਸਾਨ ਆਗੂ ਹਨ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਆਪਣਾ ਮਰਨ ਵਰਤ ਖਤਮ ਨਹੀਂ ਕਰਾਂਗੇ। ਦਿੱਲੀ ਨੂੰ ਫਿਰ ਤੋਂ ਘੇਰਨਾ ਪਵੇਗਾ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਅੱਜ ਦੇ ਰਾਜੇ ਲੋਕਾਂ ‘ਤੇ ਮਿਹਰਬਾਨ ਨਹੀਂ ਰਹੇ।
ਇਸ ਦੌਰਾਨ ਅੰਬਾਲਾ ਦੇ ਐਸਪੀ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਬਿਨਾਂ ਇਜਾਜ਼ਤ ਦੇ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਤੇ ਕੀਮਤੀ ਹੈ।