ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਤੇ ਕੀਤਾ ਚਿੰਤਾ ਦਾ ਪ੍ਰਗਟਾਵਾ
ਚੰਡੀਗੜ੍ਹ , 14 ਦਸੰਬਰ ,ਬੋਲੇ ਪੰਜਾਬ ਬਿਊਰੋ ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਨਾ ਕਰਨ ਦੇ ਮਨੋਰਥ ਨਾਲ ਪਿਛਲੇ ਲਗਭਗ 19 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਦਿਨ ਪ੍ਰਤੀ ਦਿਨ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨਾਂ ਵਲੋਂ ਕੇਂਦਰ ਸਰਕਾਰ ਅੱਗੇ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤੇ ਜਾਣ ਦੀ ਮੰਗ ਕੀਤੀ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਮਿਲ ਬੈਠ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ।
ਉਹਨਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਿੱਚ ਅੱਗੇ ਆਉਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਮਸਲਿਆਂ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੇਸ਼ ਦੇ ਅੰਨਦਾਤਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਬਣਾਉਣ ਲਈ ਲੰਬਾ ਸੰਘਰਸ਼ ਵਿੱਡਿਆ ਗਿਆ ਤੇ ਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਜੋ ਕਿਸਾਨੀ ਸਬੰਧੀ ਤਿੰਨ ਕਾਲੇ ਕਾਨੂੰਨ ਬਣਾਏ ਗਏ ਸਨ ਉਨਾਂ ਨੂੰ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਤੇ ਉਸੇ ਤਰ੍ਹਾਂ ਹੁਣ ਵੀ ਬਿਨਾਂ ਦੇਰ ਕੀਤੇ ਹੋਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਜੋ ਮੰਗਾਂ ਹਨ ਉਨਾਂ ਨੂੰ ਪ੍ਰਵਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ।