ਚੰਡੀਗੜ੍ਹ/ਜਲੰਧਰ, 19 ਦਸੰਬਰ, ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ ‘ਤੇ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼ ਲਾਇਆ।
ਵੀਰਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰਹਿ ਮੰਤਰੀ ਦੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਿੱਤਾ ਅਮਿਤ ਸ਼ਾਹ ਦਾ ਬਿਆਨ ਘਿਣਾਉਣਾ ਅਤੇ ਉਨ੍ਹਾਂ ਕਰੋੜਾਂ ਭਾਰਤੀਆਂ ਲਈ ਦੁਖਦਾਈ ਹੈ ਜੋ ਡਾ. ਅੰਬੇਡਕਰ ਨੂੰ ਗੁਰੂ ਮੰਨਦੇ ਹਨ। ਬਾਬਾ ਸਾਹਿਬ ਨੇ ਇੱਕ ਅਜਿਹਾ ਸੰਵਿਧਾਨ ਬਣਾਇਆ ਜਿਸ ਨੇ ਇੱਕ ਖੰਡਿਤ ਰਾਸ਼ਟਰ ਨੂੰ ਇੱਕਜੁੱਟ ਕੀਤਾ ਅਤੇ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ।